ਨਨਕਾਣਾ ਸਾਹਿਬ ਨਹੀਂ ਬਣੇਗਾ ਛੇਵਾਂ ਤਖਤ

Tuesday, Nov 27, 2018 - 01:09 PM (IST)

ਨਨਕਾਣਾ ਸਾਹਿਬ ਨਹੀਂ ਬਣੇਗਾ ਛੇਵਾਂ ਤਖਤ

ਅੰਮ੍ਰਿਤਸਰ— ਅਕਾਲ ਤਖਤ ਵਿਖੇ 5 ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਅਤੇ ਇਸ ਨੂੰ ਅਕਾਲ ਤਖਤ ਦੀ ਸਰਵਉੱਚਤਾ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਗਿਆ। ਇਸ ਇਕੱਤਰਤਾ ਵਿਚ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਮੀਤ ਜਥੇਦਾਰ ਗਿਆਨੀ ਜੋਤ ਇੰਦਰ ਸਿੰਘ ਅਤੇ ਅਕਾਲ ਤਖਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਗਿਆਨੀ ਗੁਰਬਚਨ ਸਿੰਘ ਵਲੋਂ ਅਸਤੀਫਾ ਦੇਣ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਕਾਰਜਕਾਰੀ ਜਥੇਦਾਰ ਬਣਨ ਮਗਰੋਂ 5 ਸਿੰਘ ਸਾਹਿਬ ਦੀ ਇਹ ਪਲੇਠੀ ਇਕੱਤਰਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਬੀਤੇ ਸ਼ੁੱਕਰਵਾਰ ਨੂੰ ਨਨਕਾਣਾ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ ਪੁਰਬ ਮੌਕੇ ਸਿੱਖਾਂ ਦੇ ਛੇਵੇਂ ਤਖਤ ਦੀ ਸਥਾਪਨਾ ਨੂੰ ਲੈ ਕੇ ਪ੍ਰਸਤਾਵ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਇਸ ਪ੍ਰਸਤਾਵ 'ਤੇ ਵਿਵਾਦ ਸ਼ੁਰੂ ਹੋ ਗਿਆ। ਇਸ ਨੂੰ ਲੈ ਕੇ ਵੱਖ-ਵੱਖ ਪੰਥਕ ਸੰਗਠਨਾਂ ਅਤੇ ਉਨ੍ਹਾਂ ਦੇ ਧਾਰਮਿਕ ਨੇਤਾਵਾਂ ਨੇ ਇਸ ਦਾ ਵਿਰੋਧ ਕੀਤਾ। ਇਸ ਸਬੰਧ ਵਿਚ ਐਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਸੀ ਕਿ ਸਿੱਖ ਪੰਥ ਪਹਿਲਾਂ ਹੀ ਕੌਮੀ ਮਸਲਿਆਂ ਵਿਚ ਉਠਝਿਆ ਹੋਇਆ ਹੈ। ਜੋ ਪ੍ਰਰੰਪਰਾਵਾਂ ਸਿੱਖ ਧਰਮ ਵਿਚ ਚੱਲਦੀਆਂ ਆ ਰਹੀਆਂ ਹਨ, ਸਾਨੂੰ ਉਸ 'ਤੇ ਹੀ ਖੜ੍ਹਾ ਹੋਣਾ ਚਾਹੀਦਾ ਹੈ ਤਾਂ ਜੋ ਪੰਥ ਚੜ੍ਹਦੀ ਕਲਾ ਵਿਚ ਰਹੇ। ਇਸ 'ਤੇ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਅਤੇ ਐਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੇ ਵੀ ਇਤਰਾਜ਼ ਜਤਾਇਆ ਸੀ। 

ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਵਲੋਂ ਸਥਾਪਤ ਪੰਚ ਪ੍ਰਧਾਨੀ ਪ੍ਰਥਾ ਦੇ ਵਿਰੁੱਧ ਹੈ। ਉਨ੍ਹਾਂ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸਬੰਧੀ ਅਪੀਲ ਨੂੰ 7 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਕਿ ਉਹ 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਰਾਸ਼ਟਰਪਤੀ ਕੋਲ ਪਹੁੰਚ ਕਰਨ ਅਤੇ ਉਸ ਦੀ ਰਿਹਾਈ ਨੂੰ ਸੰਭਵ ਬਣਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦੋਵਾਂ ਸਰਕਾਰਾਂ ਵਲੋਂ ਦਿੱਤੀ ਗਈ ਸਹਿਮਤੀ ਦੀ ਸ਼ਲਾਘਾ ਕੀਤੀ। ਨਿਰਮਲ ਕੁਟੀਆ ਜੋਲਾਂ ਦੇ ਬਾਬਾ ਜੀਤ ਸਿੰਘ ਅਤੇ ਬਾਬਾ ਜਸਪਾਲ ਸਿੰਘ ਦੇ ਆਪਸੀ ਵਿਵਾਦ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ 5 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਲੋਂ ਦਿੱਤੀ ਗਈ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਬਾਬਾ ਜਸਪਾਲ ਸਿੰਘ ਨੂੰ ਨਿਰਮਲ ਭੇਖ ਵਲੋਂ ਸਹਾਇਕ ਸਥਾਪਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਬਾ ਜਸਪਾਲ ਸਿੰਘ ਪਹਿਲਾਂ ਵਾਂਗ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।


author

cherry

Content Editor

Related News