ਬਾਬਾ ਬੰਦਾ ਸਿੰਘ ਬਹਾਦਰ ਦਾ ਲਾਸਾਨੀ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ

09/22/2017 9:09:15 AM

ਪਟਿਆਲਾ (ਪਰਮੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 'ਸਮਾਣਾ ਫ਼ਤਿਹ' ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਸੰਗਤਾਂ ਅੰਦਰ ਗੁਰਮਤਿ ਸੱਭਿਆਚਾਰ ਪ੍ਰਤੀ ਚੇਤਨਾ ਪੈਦਾ ਕਰਨਾ ਸਮੇਂ ਦੀ ਵੱਡੀ ਲੋੜ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੁਚੇਤ ਯਤਨ ਆਰੰਭੇ ਗਏ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਆਖਿਆ ਕਿ ਪਾਤੜਾਂ ਦੇ ਆਸਪਾਸ ਦਾ ਇਲਾਕਾ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨਾਲ ਡੂੰਘਾ ਸੰਬੰਧ ਰਖਦਾ ਹੈ। ਇਸ ਇਲਾਕੇ ਦੇ ਕਸਬਾ ਸਮਾਣਾ ਨੂੰ ਜ਼ਾਲਮ ਮੁਗਲ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਦਾ ਲਾਸਾਨੀ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਦੇ ਚੁਣੌਤੀਆਂ ਭਰੇ ਸਮੇਂ ਅੰਦਰ ਅਜੋਕੀ ਪੀੜ੍ਹੀ ਨੂੰ ਧਰਮ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ।  
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਨਿਰਮਲ ਸਿੰਘ ਹਰਿਆਓ ਨੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਅੱਜ ਦੇਸ਼-ਵਿਆਪੀ ਲਹਿਰ ਬਣ ਚੁੱਕੀ ਹੈ। ਇਸ ਦੌਰਾਨ ਨਿਰਮਲ ਸਿੰਘ ਹਰਿਆਓ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰਪਾਓ, ਲੋਈ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਮੇਤ ਸਮਾਗਮ ਵਿਚ ਹਾਜ਼ਰੀਆਂ ਭਰਨ ਵਾਲੇ ਜਥਿਆਂ ਨੂੰ ਵੀ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਉਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਭਾਈ ਮਹਿਲ ਸਿੰਘ ਚੰਡੀਗੜ੍ਹ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨਾਲ ਸਿੱਖ ਇਤਿਹਾਸ ਸਾਂਝਾ ਕੀਤਾ। ਸਮਾਗਮ ਦੌਰਾਨ ਕੀਤੇ ਗਏ ਅੰਮ੍ਰਿਤ ਸੰਚਾਰ ਵਿਚ 200 ਦੇ ਕਰੀਬ ਪ੍ਰਾਣੀਆਂ ਵੱਲੋਂ ਅੰਮ੍ਰਿਤਪਾਨ ਕੀਤਾ ਗਿਆ।


Related News