ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Saturday, Aug 27, 2022 - 05:37 PM (IST)

ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ। 

ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਕੋਈ ਕਾਰਜ ਗੁਰਮਤਿ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ, ਗੁਰਮਤਿ ਵਿਰੋਧੀ ਕਿਸੇ ਵੀ ਕਾਰਜ ਨੂੰ ਕਰਨ ਦੀ ਸਖ਼ਤ ਮਨਾਈ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਨੇ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਇਸ ਇਲਾਕੇ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਬਹੁਤ ਸਾਰੇ ਅਜਿਹੇ ਅਸਥਾਨ ਬਣੇ ਹਨ, ਜਿਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇੱਕੋ ਚਾਰ-ਦੀਵਾਰੀ ਅੰਦਰ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਮੁਕੰਮਲ ਪੜਤਾਲ ਕੀਤੀ ਜਾਵੇਗੀ ਅਤੇ ਜਿਸ ਥਾਂ ਵੀ ਗੁਰੂ ਸਾਹਿਬ ਦੇ ਸਤਿਕਾਰ ਵਿਚ ਢਿੱਲ ਦਿਖਾਈ ਦਿੱਤੀ, ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ: ਨੀਰਜ ਚੋਪੜਾ ਨੇ ਡਾਇਮੰਡ ਲੀਗ ਜਿੱਤ ਰਚਿਆ ਇਤਿਹਾਸ, ਇਹ ਖਿਤਾਬ ਨੂੰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ


author

rajwinder kaur

Content Editor

Related News