ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

Monday, Dec 01, 2025 - 11:31 AM (IST)

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਐੱਸ. ਏ. ਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਮੌਕੇ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿਚ ਭਾਈ ਅਮਰੀਕ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਅਤੇ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਵਿੱਤਰ ਸੀਸ ਨੂੰ ਭਾਈ ਜੇਤਾ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਦੇ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿਚ ਵਿਸਥਾਰ ਸਹਿਤ ਸੁਣਾਇਆ। ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ ਸਾਹਿਬ ਜੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। 

ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਭਾਈ ਲੱਖੀ ਸ਼ਾਹ ਵਨਜਾਰਾ ਦੁਆਰਾ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਧੜ ਦਾ ਸਸਕਾਰ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਜਿਥੇ ਧੰਨ-ਧੰਨ ਸ੍ਰੀ ਤੇਗ ਬਹਾਦਰ ਜੀ ਦਾ ਸਸਕਾਰ ਕੀਤਾ ਗਿਆ ਉਥੇ ਅੱਜ ਗੁਰਦਆਰਾ ਸ੍ਰੀ ਰਕਾਬ ਗੰਜ ਸਾਹਿਬ ਸ਼ੁਸ਼ੋਭਿਤ ਹਨ। ਇਸ ਤੋਂ ਇਲਾਵਾ ਭਾਈ ਗੁਰਮੀਤ ਸਿੰਘ ਕਰਨਾਲ ਵਾਲੇ, ਭਾਈ ਜਤਿੰਦਰ ਸਿੰਘ ਭਰਤਗੜ ਵਾਲਿਆਂ ਦਾ ਢਾਡੀ ਜੱਥਾ, ਭਾਈ ਮਨਪ੍ਰੀਤ ਸਿੰਘ ਜੀ ਗੁਰਮਤਿ ਪ੍ਰਚਾਰ ਜੱਥਾ, ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਸ਼ੇਰ ਪੰਜਾਬ ਕਵੀਸ਼ਰੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । 

ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿਚ ਵੱਡੀ ਗਿਣਤੀ ਵਿਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬੋਰਟਰੀ ਚੱਲ ਰਹੀ ਹੈ ਜਿਸ ਵਿਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ਼ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਇਸ  ਤੋਂ ਇਲਾਵਾ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਮਸ਼ੀਨਾਂ ਵੀ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਗਈਆਂ ਹਨ।


author

Gurminder Singh

Content Editor

Related News