ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਲਈ ਰੱਖਿਆ : ਭਾਈ ਲੌਂਗੋਵਾਲ

Monday, Apr 06, 2020 - 09:22 PM (IST)

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਲਈ ਰੱਖਿਆ : ਭਾਈ ਲੌਂਗੋਵਾਲ

ਅੰਮ੍ਰਿਤਸਰ, (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ 'ਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ, ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ 'ਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਅਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾਂ ਲੋੜਵੰਦਾਂ ਲਈ ਲੰਗਰ ਵੀ ਤਿਆਰ ਕਰ ਕੇ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਨੂੰ ਵੇਖਦਿਆਂ ਪੀ. ਡੀ. ਐੱਸ. ਰੇਟਾਂ 'ਤੇ ਰਾਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ।


author

Bharat Thapa

Content Editor

Related News