ਬ੍ਰਹਮਪੁਰਾ ਨੇ ਦੱਸਿਆ, ਕੀ ਸੀ ਅਕਾਲੀ ਦਲ ਦੀ ਵੱਡੀ ਹਾਰ ਦਾ ਕਾਰਨ
Monday, Nov 12, 2018 - 06:55 PM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਨੂੰ ਢਾਹ ਲੱਗਣਾ, ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣਾ ਅਤੇ ਬੇਅਦਬੀ ਦੇ ਰੋਸ ਵਿਚ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਦਾ ਹੁਕਮ ਦੇਣਾ ਹੀ ਅਕਾਲੀ ਦਲ ਦੇ ਪਤਨ ਦਾ ਕਾਰਨ ਬਣਿਆ ਹੈ। ਇਹ ਕਹਿਣਾ ਹੈ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ। 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਧਾਰਮਿਕ ਜਮਾਤ ਹੈ। ਅਕਾਲੀ ਦਲ ਮੋਰਚਿਆਂ ਅਤੇ ਕੁਰਬਾਨੀਆਂ ਨਾਲ ਬਣਿਆ ਹੈ ਪਰ ਜਿਸ ਤਰ੍ਹਾਂ ਪਾਰਟੀ ਪ੍ਰਧਾਨ ਨੇ ਬੀਤੇ ਕੁਝ ਸਾਲਾਂ ਦੌਰਾਨ ਗਲਤ ਫੈਸਲੇ ਲਏ ਹਨ, ਉਸ ਨਾਲ ਨਾ ਸਿਰਫ ਸ੍ਰੀ ਅਕਾਲ ਤਖਤ ਦੀ ਮਾਣ ਮਰਿਆਦਾ ਨੂੰ ਢਾਹ ਲੱਗੀ ਸਗੋਂ ਚੋਣਾਂ ਵਿਚ ਪਾਰਟੀ ਦੀ ਹੁਣ ਤਕ ਦੀ ਸਭ ਤੋਂ ਵੱਡੀ ਤੇ ਸ਼ਰਮਨਾਕ ਹਾਰ ਹੋਈ।
ਬ੍ਰਹਮਪੁਰਾ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ, ਉਸ ਤੋਂ ਇਕ ਸਾਲ ਬਾਅਦ ਉਨ੍ਹਾਂ ਦੇ ਪ੍ਰਧਾਨ ਨਾਲ ਮਤਭੇਦ ਸ਼ੁਰੂ ਹੋ ਗਏ। 2012 ਵਿਚ ਜਦੋਂ ਮੁੜ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਉਨ੍ਹਾਂ ਸੁਖਬੀਰ ਦੇ ਕੁਝ ਫੈਸਲਿਆਂ ਦੀ ਸ਼ਲਾਘਾ ਜ਼ਰੂਰ ਕੀਤੀ ਸੀ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਅਤੇ ਡਾ. ਦਲਜੀਤ ਚੀਮਾਂ ਉਨ੍ਹਾਂ ਦੇ ਘਰ ਆਏ ਸਨ ਅਤੇ ਸੁਖਬੀਰ ਨਾਲ ਗੱਲਬਾਤ ਕਰਵਾਉਣ ਲਈ ਆਖਿਆ ਸੀ ਜਿਸ 'ਤੇ ਉਨ੍ਹਾਂ ਸਾਫ ਇਨਕਾਰ ਕਰ ਦਿੱਤਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਵੱਡੇ ਬਾਦਲ ਨਾਲ ਗੱਲਬਾਤ ਕਰਨ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।