ਗੁਰਮੀਤ ਰਾਮ ਰਹੀਮ ਨੂੰ ਪੈਰੋਲ ਨਹੀਂ ਫਾਂਸੀ ਮਿਲਣੀ ਚਾਹੀਦੀ : ਭਾਈ ਲੌਂਗੋਵਾਲ

06/26/2019 8:20:40 PM

ਫ਼ਤਿਹਗੜ੍ਹ ਸਾਹਿਬ (ਜਗਦੇਵ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਨਾਰੀਆ ਜੇਲ ਵਿਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਕਿਸੇ ਵੀ ਹਾਲਤ ਵਿਚ ਨਹੀਂ ਦਿੱਤੀ ਜਾਣੀ ਚਾਹੀਦੀ, ਕਿਉਂਕਿ ਇਸ ਦੇ ਕੁਕਰਮਾਂ ਤੇ ਪਾਪਾਂ ਨੂੰ ਦੇਖਦੇ ਹੋਏ ਸਿੱਧੀ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਭਾਈ ਲੌਂਗੋਵਾਲ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਵੱਲੋਂ ਆਪਣੇ ਬੇਟੇ ਦੇ ਵਿਆਹ ਦੀ ਖ਼ੁਸ਼ੀ 'ਚ ਰਖਵਾਏ ਗਏ ਸ਼ੁਕਰਾਨਾ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੀਆਂ ਖਬਰਾਂ ਦਾ ਸਮੁੱਚਾ ਸਿੱਖ ਪੰਥ ਵਿਰੋਧ ਕਰ ਰਿਹਾ ਹੈ। ਭਾਈ ਲੌਂਗੋਵਾਲ ਨੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਭਗਤ ਸਿੰਘ ਦੀ ਤੁਲਨਾ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਕਿਸੇ ਤਰ੍ਹਾਂ ਦੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਿੱਖ ਪੰਥ ਤੋਂ ਮਾਫੀ ਮੰਗੇ।


satpal klair

Content Editor

Related News