ਸਸਪੈਂਡ ਹੋਣ ਮਗਰੋਂ ਗੁਰਨਾਮ ਚਢੂਨੀ ਨੇ ਦਿੱਤਾ ਵੱਡਾ ਬਿਆਨ
Thursday, Jul 15, 2021 - 01:58 PM (IST)
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਵੱਲੋਂ ਹਫ਼ਤੇ ਲਈ ਮੁਅੱਤਲ ਕਰਨ ਮਗਰੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁਅੱਤਲੀ ਮਗਰੋਂ ਵੀ ਉਨ੍ਹਾਂ ਦਾ ਸਟੈਂਡ ਉਹੀ ਹੈ ਜੋ ਪਹਿਲਾਂ ਸੀ। ਇਸਦੇ ਨਾਲ ਹੀ ਚਢੂਨੀ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਕਿਤੇ ਇਹ ਨਾ ਸਮਝੇ ਕਿ ਸੰਯੁਕਤ ਕਿਸਾਨ ਮੋਰਚੇ ’ਚ ਕੋਈ ਫੁੱਟ ਪਏਗੀ ਬਲਕਿ ਉਹ ਪਹਿਲਾਂ ਨਾਲੋਂ ਵੀ ਹੋਰ ਵੱਧ ਸਰਗਰਮ ਹੋਣਗੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਇਕ 'ਟਵੀਟ' ਨਾਲ ਲਾਏ ਕਈ ਨਿਸ਼ਾਨੇ
ਗੁਰਨਾਮ ਚਢੂਨੀ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਚੋਣ ਮੈਦਾਨ ’ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਜਨ ਲਾਲ ਸਰਕਾਰ, ਦੇਵੀ ਲਾਲ ਸਰਕਾਰ, ਚੌਟਾਲਾ ਸਰਕਾਰ ਤੇ ਮੌਜੂਦਾ ਗੱਠਜੋੜ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਹੀ ਸੱਤਾ ਵਿੱਚ ਆਈਆਂ ਪਰ ਸੱਤਾ ਵਿੱਚ ਆਉਣ ਮਗਰੋਂ ਕਿਸਾਨੀ ਮੰਗਾਂ ਤੋਂ ਪਿੱਛੇ ਹਟ ਗਈਆਂ। ਉਨ੍ਹਾਂ ਕਿਹਾ ਕਿ ਮੈਂ ਇਸੇ ਕਰਕੇ ਇਹ ਕਹਿ ਰਿਹਾ ਹਾਂ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਇਕ ਰਾਜਨੀਤਕ ਮਾਡਲ ਦੇਣਾ ਚਾਹੀਦਾ ਹੈ ਜਿਸ ਵਿੱਚ ਕਿਸਾਨਾਂ ਦੇ ਹੱਕਾਂ ਦੀ ਗੱਲ ਹੋਵੇ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਖ਼ਤ ਚਿਤਾਵਨੀ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ’ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ ਮੋਰਚੇ ਨਾਲ ਸਟੇਜ ’ਤੇ ਨਹੀਂ ਜਾ ਸਕਣਗੇ ਅਤੇ ਨਾ ਹੀ ਕੋਈ ਬਿਆਨਬਾਜ਼ੀ ਕਰ ਸਕਣਗੇ। ਇੰਨਾ ਹੀ ਨਹੀਂ ਉਹ ਇਕ ਹਫ਼ਤੇ ਲਈ ਕਿਸਾਨ ਮੋਰਚੇ ਦੀਆਂ ਮੀਟਿੰਗਾਂ ’ਚ ਵੀ ਹਿੱਸਾ ਨਹੀਂ ਲੈ ਸਕਣਗੇ। ਚਢੂਨੀ ਨੇ ‘ਪੰਜਾਬ ਮਿਸ਼ਨ’ ਤਹਿਤ ਸੁਝਾਅ ਦਿੱਤਾ ਸੀ ਕਿ ‘ਸਿਸਟਮ ਵਿੱਚ ਬਦਲਾਅ’ ਲਈ ਕਿਸਾਨ ਯੂਨੀਅਨਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਮੋਰਚੇ ਨੇ ਹਾਲਾਂਕਿ ਚਢੂਨੀ ਦੇ ਇਸ ਬਿਆਨ ਤੋਂ ਖੁ਼ਦ ਨੂੰ ਵੱਖ ਕਰਦਿਆਂ ਇਸ ਨੂੰ ਕਿਸਾਨ ਆਗੂ ਦੀ ਨਿੱਜੀ ਰਾਏ ਦੱਸਿਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਜ਼ਰੂਰ ਪੜ੍ਹਨ ਇਹ ਖ਼ਾਸ ਰਿਪੋਰਟ
ਨੋਟ: ਗੁਰਨਾਮ ਚਢੂਨੀ ਨੂੰ ਕਿਸਾਨ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰਨ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ