ਪੰਜਾਬ ਸਰਕਾਰ ਦਾ ਐਲਾਨ, ਮੰਤਰੀ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਦਿੱਤੀ ਸਰਕਾਰੀ ਨੌਕਰੀ

Friday, Sep 17, 2021 - 06:56 PM (IST)

ਪੰਜਾਬ ਸਰਕਾਰ ਦਾ ਐਲਾਨ, ਮੰਤਰੀ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ— ਪੰਜਾਬ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਅੱਜ ਕੀਤੀ ਗਈ ਕੈਬਨਿਟ ਦੀ ਮੀਟਿੰਗ ’ਚ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੈਵੇਨਿਊ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਰਸ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਅਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਪਰ ਇਸ ਨੂੰ ਇਕੋ ਵਾਰ ਦਿੱਤੀ ਰਾਹਤ ਸਮਝਿਆ ਜਾਵੇਗਾ ਅਤੇ ਇਸ ਮਾਮਲੇ ਨੂੰ ਪ੍ਰਥਾ ਨਹੀਂ ਬਣਾਇਆ ਜਾਵੇਗਾ।

ਮੰਤਰੀ ਮੰਡਲ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਗੁਰਸ਼ੇਰ ਦੇ ਪਿਤਾ ਭੁਪਜੀਤ ਨੇ ਰਵੀ ਸਿੱਧੂ ਦੇ ਸਮੇਂ ਹੋਏ ਪੀ.  ਪੀ. ਐਸ. ਸੀ. ਘੋਟਾਲੇ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਪਾਰਦਰਸ਼ਿਤਾ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਭੁਪਜੀਤ ਸਿੰਘ, ਜੋਕਿ ਆਬਕਾਰੀ ਅਤੇ ਕਰ ਵਿਭਾਗ ਵਿੱਚ ਆਬਕਾਰੀ ਅਤੇ ਕਰ ਅਧਿਕਾਰੀ ਵਜੋਂ ਤਾਇਨਾਤ ਸਨ, ਦਾ 28 ਸਤੰਬਰ, 2011 ਨੂੰ ਦਿਹਾਂਤ ਹੋ ਗਿਆ ਸੀ। ਉਸ ਸਮੇਂ ਉਨਾਂ ਦੇ ਪੁੱਤਰ ਗੁਰਸ਼ੇਰ ਸਿੰਘ ਨੇ ਕਾਮਰਸ ਵਿੱਚ ਆਪਣੀ ਗ੍ਰੈਜੂਏਸ਼ਨ ਦੀ ਪੜਾਈ ਅਜੇ ਪੂਰੀ ਹੀ ਕੀਤੀ ਸੀ। ਦਫ਼ਤਰੀ ਰਿਕਾਰਡ ਅਨੁਸਾਰ ਮਰਹੂਮ ਭੁਪਜੀਤ ਸਿੰਘ ਦੀ ਪਤਨੀ ਜਸਬੀਰ ਕੌਰ ਨੇ 26 ਜੂਨ, 2020 ਨੂੰ ਦਿੱਤੀ ਅਰਜ਼ੀ ਰਾਹੀਂ (ਆਪਣੇ ਪਤੀ ਦੀ ਮੌਤ ਤੋਂ 8 ਸਾਲ ਬਾਅਦ) ਇਹ ਬੇਨਤੀ ਕੀਤੀ ਸੀ ਕਿ ਉਸ ਦੇ ਪੁੱਤਰ ਗੁਰਸ਼ੇਰ ਸਿੰਘ ਨੂੰ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਅੱਤਵਾਦੀਆਂ ਦੇ ਨਿਸ਼ਾਨੇ ’ਤੇ ਪੰਜਾਬ, ਸੋਢਲ ਮੇਲੇ ’ਤੇ ਜਲੰਧਰ ਦੇ ਸੀ. ਪੀ. ਵੱਲੋਂ ਸੁਰੱਖਿਆ ਵਧਾਉਣ ਦੇ ਨਿਰਦੇਸ਼

21 ਨਵੰਬਰ 2002 ਦੀ ਸਰਕਾਰੀ ਨੀਤੀ ਅਤੇ ਦਸੰਬਰ 28, 2005 ਨੂੰ ਇਕ ਪੱਤਰ ਰਾਹੀਂ ਹੋਈ ਸੋਧ ਮੁਤਾਬਿਕ ਮਿ੍ਰਤਕ ਕਰਮਚਾਰੀ/ਅਫ਼ਸਰ ਦੇ ਵਾਰਿਸਾਂ ਲਈ ਮੌਤ ਦੀ ਮਿਤੀ ਤੋਂ ਇਕ ਸਾਲ ਦੇ ਅੰਦਰ ਨੌਕਰੀ ਲਈ ਅਰਜ਼ੀ ਦੇਣਾ ਜ਼ਰੂਰੀ ਹੁੰਦਾ ਹੈ। ਇਸ ਨੀਤੀ ਵਿੱਚ ਇਹ ਵੀ ਸਾਫ਼ ਹੈ ਕਿ ਜੇਕਰ ਦੇਰੀ ਦਾ ਕੋਈ ਵਾਜਿਬ ਕਾਰਨ ਹੋਵੇ ਤਾਂ ਉਮੀਦਵਾਰ ਦੀ ਅਰਜੀ 5 ਸਾਲ ਦੇਰ ਕਰਨ ਦੀ ਹੱਦ ਤੱਕ ਵੀ ਪ੍ਰਵਾਨ ਕੀਤੀ ਜਾ ਸਕਦੀ ਹੈ ਬਸ਼ਰਤੇ ਕਿ ਦੇਰੀ ਦੇ ਕਾਰਨਾਂ ਦੇ ਵਿਸਥਾਰ ਵਿੱਚ ਜਾਂਦੇ ਹੋਏ ਪ੍ਰਸੋਨਲ ਮਹਿਕਮੇ ਤੋਂ ਵਿਸ਼ੇਸ਼ ਮਨਜ਼ੂਰੀ ਲਈ ਜਾਵੇ। ਇਹ ਵੀ ਜ਼ਿਕਰਯੋਗ ਹੈ ਕਿ ਗੁਰਸ਼ੇਰ ਦੀ ਯੋਗਤਾ ਬੈਚੁਲਰ ਆਫ਼ ਕਾਮਰਸ ਹੈ, ਜੋਕਿ ਆਬਕਾਰੀ ਅਤੇ ਕਰ ਇੰਸਪੈਕਟਰ ਦੀ ਅਸਾਮੀ ਲਈ ਸਹਾਇਕ ਹੈ। ਉਮੀਦਵਾਰ ਦੀ ਯੋਗਤਾ ਨੂੰ ਵੇਖਦੇ ਹੋਏ ਭੁਪਜੀਤ ਸਿੰਘ ਦੇ ਉਸ ਦੇ ਕਾਰਜਕਾਲ ਦੌਰਾਨ ਪਾਏ ਯੋਗਦਾਨ ਦੇ ਮੱਦੇਨਜ਼ਰ, ਉਮੀਦਵਾਰ ਨੂੰ ਆਬਕਾਰੀ ਅਤੇ ਕਰ ਇੰਸਪੈਕਟਰ ਦੇ ਅਹੁਦੇ ਲਈ ਵਿਚਾਰਿਆ ਗਿਆ ਹੈ ਅਤੇ ਮੰਤਰੀ ਮੰਡਲ ਨੇ ਵਿਸ਼ੇਸ਼ ਆਧਾਰ ’ਤੇ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ।

ਇਥੇ ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਨੌਕਰੀ ਦੇਣ ਦੀਆਂ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਗੁਰਸ਼ੇਰ ਸਿੰਘ ਨੂੰ ਨੌਕਰੀ ਦੇਣ ਦੇ ਐਲਾਨ ’ਤੇ ਪੰਜਾਬ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਟਾਲਾ ਤੋਂ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੰ ਤਰਸ ਦੇ ਆਧਾਰ ’ਤੇ ਪੰਜਾਬ ਪੁਲਸ ਵਿਚ ਇੰਸਪੈਕਟਰ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਜਦੋਂ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਹੋਇਆ ਤਾਂ ਪਰਿਵਾਰ ਨੇ ਇਹ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਫਤਿਹਜੰਗ ਬਾਜਵਾ ਤੋਂ ਇਲਾਵਾ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਵੀ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਸੀ। ਦੋਹਾਂ ਪੁੱਤਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਕਾਫ਼ੀ ਵਿਵਾਦਾਂ ਵਿਚ ਰਿਹਾ ਸੀ।  ਇਥੋਂ ਤੱਕ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਵੀ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ। ਚੋਣਾਂ ਨੇੜੇ ਹੋਣ ਕਰਕੇ ਇਸ ਮਾਮਲੇ ’ਤੇ ਸਿਆਸਤ ਇਕ ਦਮ ਭਖ ਗਈ ਸੀ, ਜਿਸ ਨਾਲ ਪੰਜਾਬ ਸਰਕਾਰ ਦੀ ਸਿਆਸੀ ਤੌਰ ’ਤੇ ਕਿਰਕਿਰੀ ਹੋਣ ਲੱਗੀ ਸੀ। ਇਨ੍ਹਾਂ ਨੌਕਰੀਆਂ ਕਰਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਲੋਕ ਰਾਇ ਬਣਨ ਲੱਗੀ ਸੀ, ਉਥੇ ਦੋਵੇਂ ਵਿਧਾਇਕਾਂ ਦੇ ਪਰਿਵਾਰਾਂ ਨੂੰ ਆਪਣਾ ਸਿਆਸੀ ਭਵਿੱਖ ਵੀ ਦਾਅ ’ਤੇ ਲੱਗਦਾ ਜਾਪਦਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ’ਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਇਕ ਵਰਕਰ ਤੋਂ ਮਿਲਿਆ ਰਿਵਾਲਵਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News