ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ ਸ਼ੁਰੂ

Friday, Oct 23, 2026 - 08:45 PM (IST)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ ਸ਼ੁਰੂ

ਅੰਮ੍ਰਿਤਸਰ (ਸਰਬਜੀਤ): ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼ਹਿਰ ਵਿੱਚ ਧਾਰਮਿਕ ਸਮਾਗਮਾਂ ਦੀ ਲੜੀ ਸ਼ੁਰੂ ਹੋ ਚੁੱਕੀ ਹੈ। ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ 27 ਅਕਤੂਬਰ ਨੂੰ ਮੁੱਖ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 25 ਅਤੇ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।

27 ਅਕਤੂਬਰ ਨੂੰ ਸਜਾਏ ਜਾਣਗੇ ਅਲੌਕਿਕ ਜਲੌਅ

ਜਨਰਲ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ 27 ਅਕਤੂਬਰ ਨੂੰ ਗੁਰਦੁਆਰਾ ਅਟਾਰੀ ਸਾਹਿਬ, ਗੁਰਦੁਆਰਾ ਪਿੱਪਲੀ ਸਾਹਿਬ, ਪੁਤਲੀਘਰ ਅਤੇ ਭਾਈ ਵੀਰ ਸਿੰਘ ਹਾਲ ਲਾਰਨਸ ਰੋਡ ਤੋਂ ਸਵੇਰੇ 6 ਵਜੇ ਵੱਖ-ਵੱਖ ਪ੍ਰਭਾਤ ਫੇਰੀਆਂ ਆਰੰਭ ਹੋਣਗੀਆਂ। ਇਹ ਪ੍ਰਭਾਤ ਫੇਰੀਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀਆਂ ਹੋਈਆਂ ਚੌਕ ਘੰਟਾ ਘਰ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣਗੀਆਂ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਧਾਰਮਿਕ ਦੀਵਾਨ, ਵਿਸ਼ੇਸ਼ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ। ਗੁਰਪੁਰਬ ਦੀ ਖ਼ੁਸ਼ੀ ਵਿੱਚ ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। 

ਸੰਗਤਾਂ ਲਈ ਵਿਸ਼ੇਸ਼ ਲੰਗਰ ਦੇ ਹੋਣਗੇ ਪ੍ਰਬੰਧ

ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਇਨਾ ਸਮਾਗਮਾਂ ਵਿੱਚ ਦੂਰੋਂ ਨੇੜਿਓਂ ਆਉਣ ਵਾਲੀਆਂ ਸੰਗਤਾਂ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਪ੍ਰਸ਼ਾਦ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ।

ਸਾਈਬਰ ਠੱਗਾਂ ਤੋਂ ਸੁਚੇਤ ਰਹੇ ਸੰਗਤ: ਮੈਨੇਜਰ ਸਰਾਵਾਂ

ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਰਾਵਾਂ ਦੇ ਮੈਨੇਜਰ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇ ਨਤਮਸਤਕ ਹੋਣ ਦੀ ਉਮੀਦ ਹੈ। ਇਸ ਨੂੰ ਮੁੱਖ ਰੱਖਦਿਆਂ ਸੰਗਤਾਂ ਦੇ ਠਹਿਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸਰਾਵਾਂ ਵਿੱਚ ਰਹਿਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਸੰਗਤਾਂ ਦੇ ਠਹਿਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੀਆਂ ਹੋਟਲ ਐਸੋਸੀਏਸ਼ਨਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸੰਗਤਾਂ ਲਈ  ਕਮਰੇ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਹੈ।

ਮੈਨੇਜਰ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਨਲਾਈਨ ਕਮਰੇ ਬੁੱਕ ਕਰਵਾਉਣ ਸਮੇਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਕੁਝ ਸਾਈਬਰ ਠੱਗਾਂ ਵੱਲੋਂ ਜਾਅਲੀ ਵੈੱਬਸਾਈਟਾਂ ਬਣਾ ਕੇ ਕਮਰੇ ਬੁੱਕ ਕਰਨ ਦੇ ਨਾਂ ’ਤੇ ਸੰਗਤਾਂ ਨਾਲ ਧੋਖਾਧੜੀ ਕੀਤੀ ਜਾ ਰਹੀ ਹੈ। ਇਸ ਲਈ ਸੰਗਤਾਂ ਕਿਸੇ ਵੀ ਅਣਜਾਣ ਲਿੰਕ ਜਾਂ ਜਾਅਲੀ ਵੈੱਬਸਾਈਟ ਦੇ ਝਾਂਸੇ ਵਿੱਚ ਨਾ ਆਉਣ ਅਤੇ ਕਮਰੇ ਦੀ ਬੁਕਿੰਗ ਲਈ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ।


author

Anmol Tagra

Content Editor

Related News