ਗੁਰਸਿੱਖ ਨੌਜਵਾਨਾਂ ਦੀਆਂ ਤਾਲਮੇਲ ਕਮੇਟੀਆਂ ਬਣਾਈਆਂ ਜਾਣਗੀਆਂ : ਭਾਈ ਲੌਂਗੋਵਾਲ

Sunday, Feb 04, 2018 - 12:29 PM (IST)

ਬਟਾਲਾ (ਮਠਾਰੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਲੋਕ ਬਰੂਹਾਂ ਤੱਕ ਲਿਜਾਣ ਲਈ ਗੰਭੀਰਤਾ ਨਾਲ ਯਤਨਸ਼ੀਲ ਹੈ, ਜਿਸ ਤਹਿਤ ਗੁਰਸਿੱਖ ਨੌਜਵਾਨਾਂ ਦੀਆਂ ਤਾਲਮੇਲ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਜਥਿਆਂ ਵੱਲੋਂ ਉਲੀਕੇ ਜਾਂਦੇ ਪ੍ਰੋਗਰਾਮਾਂ 'ਚ ਸਹਾਇਤਾ ਮਿਲ ਸਕੇ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਘੇ ਧਾਰਮਿਕ ਆਗੂ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਭਾਈ ਸਰਵਣ ਸਿੰਘ ਅਗਵਾਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਾਝਾ, ਮਾਲਵਾ ਅਤੇ ਦੁਆਬਾ ਜ਼ੋਨਾਂ 'ਚ ਵੰਡ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਅੱਗੇ ਤੋਰਿਆ ਜਾ ਰਿਹਾ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਪ੍ਰਚਾਰਕਾਂ, ਧਾਰਮਿਕ ਅਧਿਆਪਕਾਂ, ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗਾਂ ਕਰ ਕੇ ਸਾਰੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਜਾ ਰਹੀ ਹੈ।ਇਸ ਸਮੇਂ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ, ਵਿਰਸਾ ਸਿੰਘ ਵਲਟੋਹਾ, ਭਾਈ ਜਸਬੀਰ ਸਿੰਘ ਰੋਡੇ, ਸੰਤ ਚਰਨਜੀਤ ਸਿੰਘ ਜੱਸੋਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਰਵੀਕਰਨ ਸਿੰਘ ਕਾਹਲੋਂ ਤੇ ਹੋਰ ਪਤਵੰਤੇ ਹਾਜ਼ਰ ਸਨ।


Related News