ਕਿਰਪਾਨ ਕਾਰਨ ਗੁਰਸਿੱਖ ਕੁੜੀ ਨੂੰ ਨਹੀਂ ਦੇਣ ਦਿੱਤਾ ਪੇਪਰ, SGPC ਨੇ ਲਿਆ ਸਖ਼ਤ ਨੋਟਿਸ
Monday, Jun 24, 2024 - 01:08 PM (IST)
ਅੰਮ੍ਰਿਤਸਰ, ਨੈਸ਼ਨਲ ਡੈਸਕ (ਦੀਪਕ/ਸਰਬਜੀਤ) - ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਜੋਧਪੁਰ ਦੇ ਇਕ ਕੇਂਦਰ ਵਿਖੇ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਕਰਵਾਈ ਗਈ, ਜਿਥੇ ਬਹੁਤ ਸਾਰੇ ਵਿਦਿਆਰਥੀ ਪਹੁੰਚੇ ਹੋਏ ਸਨ। ਇਸ ਪ੍ਰੀਖਿਆ ਦੌਰਾਨ ਜਲੰਧਰ ਪਹੁੰਚੀ ਇਕ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ਇਸ ਦੌਰਾਨ ਵਿਦਿਆਰਥਣ ਦੇ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ। ਸਿੱਖ ਬੱਚੀ ਨੇ ਜਦੋਂ ਇਸ ਗੱਲ ਦਾ ਵਿਰੋਧ ਕਰਦੇ ਕਿਰਪਾਨ ਨਹੀਂ ਉਤਾਰੀ ਤਾਂ ਉਸ ਨੂੰ ਪ੍ਰੀਖਿਆ ਦੇਣ ਦੇ ਮੌਕੇ ਤੋਂ ਵਾਂਝੇ ਰੱਖਿਆ ਗਿਆ।
ਇਹ ਵੀ ਪੜ੍ਹੋ - ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ
SGPC ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ
ਦੂਜੇ ਪਾਸੇ ਪ੍ਰੀਖਿਆ ਵਿਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖ਼ਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ’ਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਸਿੱਖ ਸੰਸਥਾ ਪੀੜਤ ਗੁਰਸਿੱਖ ਬੱਚੀ ਦੇ ਨਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।
ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਕੀ ਹੈ ਮਾਮਲਾ
ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ਸਿੱਖ ਬੱਚੀ ਦੇ ਪਿਤਾ ਸ. ਬਲਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਬੇਟੀ ਜਸਥਾਨ ਜੁਡੀਸ਼ੀਅਲ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆ ਦੇਣ ਲਈ ਅੱਜ ਜੋਧਪੁਰ ਗਈ ਸੀ, ਜਿੱਥੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਨੇ ਉਸ ਨੂੰ ਪੇਪਰ ਵਿੱਚ ਦਾਖਲੇ ਲਈ ਕਿਰਪਾਨ ਉਤਾਰਨ ਲਈ ਕਿਹਾ। ਲੇਕਿਨ ਸਿੱਖ ਬੱਚੀ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਕਿਰਪਾਨ ਨਹੀਂ ਉਤਾਰੀ ਤਾਂ ਉਸ ਨੂੰ ਪ੍ਰੀਖਿਆ ਦੇਣ ਦੇ ਮੌਕੇ ਤੋਂ ਵਾਂਝੇ ਰੱਖਿਆ ਗਿਆ।
ਸ. ਬਲਜੀਤ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਜੋਧਪੁਰ ਵਿਖੇ ਰਾਜਸਥਾਨ ਦੇ ਹਾਈ ਕੋਰਟ ਵਿੱਚ ਪਟੀਸ਼ਨ ਵੀ ਪਾਈ ਗਈ ਹੈ ਅਤੇ ਨਿਆਂ ਲਈ ਕਨੂੰਨੀ ਲੜਾਈ ਲੜੀ ਜਾਵੇਗੀ। ਸ. ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਨਾਲ ਇਨਸਾਫ ਹੋਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਨਾਲ ਅਜਿਹਾ ਵਿਤਕਰਾ ਨਾ ਹੋਵੇ। ਐਡਵੋਕੇਟ ਅਰਮਨਜੋਤ ਕੌਰ ਮੌਜੂਦਾ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸੀਨੀਅਰ ਐਡਵੋਕੇਟ ਦੇ ਕੋਲ ਵਕਾਲਤ ਦਾ ਅਭਿਆਸ ਕਰ ਰਹੀ ਹੈ ਅਤੇ ਉਹ ਦੇਸ਼ ਅੰਦਰ ਜੁਡੀਸ਼ਰੀ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇਣ ਦੀ ਤਾਂਘ ਰੱਖਦੀ ਹੈ।
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8