CM ਮਾਨ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ, ਕੀਤਾ ਇਹ ਐਲਾਨ

09/02/2022 11:56:46 PM

ਤਲਵੰਡੀ ਸਾਬੋ (ਬਠਿੰਡਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰਾਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ 'ਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ।

ਇਹ ਵੀ ਪੜ੍ਹੋ : ਖਸਤਾਹਾਲ ਸੜਕ ਤੋਂ ਤੰਗ ਆਏ ਪਿੰਡ ਵਾਸੀਆਂ ਨੇ BKU ਏਕਤਾ ਡਕੌਂਦਾ ਦੀ ਅਗਵਾਈ 'ਚ ਕੀਤਾ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ। ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ। ਸੀ.ਐੱਮ. ਨੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਐੱਚ.ਐੱਮ.ਈ.ਐੱਲ. ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰਾਜੈਕਟ ਹੈ ਅਤੇ ਇਕੋ ਥਾਂ 'ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ ਪੈਟਰੋ ਕੈਮੀਕਲ ਹੱਬ ਵਜੋਂ ਸਥਾਪਤ ਕਰੇਗਾ ਅਤੇ ਪੰਜਾਬ ਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ ਹੋਰ ਸਮਾਜਿਕ ਤੇ ਆਰਥਿਕ ਲਾਭ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : ਕਸ਼ਮੀਰ 'ਚ ਕੀਤੇ ਜਾ ਰਹੇ ਕਤਲਾਂ ਨੂੰ ਲੈ ਕੇ ਭਾਜਪਾ ਆਗੂ RP ਸਿੰਘ ਦਾ ਬਿਆਨ, ਕਹੀ ਇਹ ਗੱਲ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਪਰ ਵਿਰੋਧੀ ਧਿਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਸੂਬਾ ਸਰਕਾਰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਪਣੀਆਂ ਲੋਕ ਭਲਾਈ ਤੇ ਵਿਕਾਸ ਪੱਖੀ ਨੀਤੀਆਂ ਨੂੰ ਜਾਰੀ ਰੱਖੇਗੀ।

ਇਹ ਵੀ ਪੜ੍ਹੋ : ਮ੍ਰਿਤਕਾ ਦੇ ਸੋਸ਼ਲ ਮੀਡੀਆ ਦੋਸਤ ਨੇ ਰਿਸ਼ਤੇਦਾਰ ਨਾਲ ਮਿਲ ਕੇ ਦਿੱਤਾ ਸੀ ਘਿਨੌਣੇ ਅਪਰਾਧ ਨੂੰ ਅੰਜਾਮ, 2 ਕਾਬੂ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਮੁਕੰਮਲ ਯੋਜਨਾ ਉਲੀਕੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਅਮਿਤ ਰਤਨ, ਪ੍ਰੋ. ਬਲਜਿੰਦਰ ਕੌਰ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਜਗਸੀਰ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News