ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਔਰਤ ਖਿਲਾਫ ਮਾਮਲਾ ਦਰਜ
Friday, Jun 30, 2017 - 07:50 AM (IST)

ਜਲੰਧਰ(ਪ੍ਰੀਤ)-ਇਕ ਔਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਰਥ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ 'ਤੇ ਅੱਜ ਜਲੰਧਰ ਵਿਚ ਸਿੱਖ ਸਮਾਜ ਦੇ ਲੋਕ ਭੜਕ ਪਏ। ਸਿੱਖ ਸੰਗਤ ਅਤੇ ਸਿੱਖ ਤਾਲਮੇਲ ਕਮੇਟੀ ਵਲੋਂ ਥਾਣਾ ਨੰਬਰ 4 ਵਿਚ ਰੋਸ ਪ੍ਰਗਟ ਕੀਤਾ ਗਿਆ ਅਤੇ ਸਿੱਖ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਔਰਤ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ। ਕਮਿਸ਼ਨਰੇਟ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਕਤ ਔਰਤ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਏ. ਸੀ. ਪੀ. ਸਤਿੰਦਰ ਚੱਢਾ ਦਾ ਕਹਿਣਾ ਹੈ ਕਿ ਵੀਡੀਓ ਕਲਿਪ ਲੈ ਕੇ ਔਰਤ ਦੀ ਪਛਾਣ ਲਈ ਜਾਂਚ ਸ਼ੁਰੂ ਕੀਤੀ ਗਈ ਹੈ। ਸਿਵਲ ਹਸਪਤਾਲ ਨੇੜੇ ਸਥਿਤ ਸਤਨਾਮ ਟੀ ਸਟਾਲ ਦੇ ਗੁਰਜੀਤ ਸਿੰਘ ਸਤਨਾਮੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਔਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਗਲਤ ਵਿਆਖਿਆ ਕਰਨ ਦੀ ਕਲਿਪ ਸੋਸ਼ਲ ਮੀਡੀਆ ਤੋਂ ਮਿਲੀ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਉਨ੍ਹਾਂ ਨੇ ਤੁਰੰਤ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪ੍ਰਦੇਸੀ, ਗੁਰਮੀਤ ਸਿੰਘ ਬਿੱਟੂ ਅਤੇ ਹੋਰ ਜਥੇਦਾਰਾਂ ਨਾਲ ਗੱਲ ਕੀਤੀ ਅਤੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ। ਸਿੱਖ ਤਾਲਮੇਲ ਕਮੇਟੀ ਦੇ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਨੀਟੂ, ਸਤਵਿੰਦਰ ਸਿੰਘ ਸ਼ਾਂਟੀ, ਆਈ. ਐੱਸ. ਬੱਗਾ, ਸਤਪਾਲ ਸਿੰਘ ਸਿੱਦਕੀ, ਹਰਜੋਤ ਸਿੰਘ ਲੱਕੀ, ਨਰਿੰਦਰ ਸਿੰਘ, ਕੁਲਦੀਪ ਸਿੰਘ, ਗੁਰਿੰਦਰ ਸਿੰਘ, ਵਿੱਕੀ ਖਾਲਸਾ, ਜਗਦੇਵ ਸਿੰਘ ਖਾਲਸਾ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਰੋਬਿਨ, ਗੁਰਮੀਤ ਸਿੰਘ ਵਾਰਸ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੁੜੇ ਲੋਕ ਥਾਣਾ ਨੰਬਰ 4 ਪਹੁੰਚੇ। ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ, ਸਤਨਾਮ ਸਿੰਘ ਸਤਨਾਮੀਆ ਅਤੇ ਹੋਰਨਾਂ ਨੇ ਕਿਹਾ ਕਿ ਇਕ ਔਰਤ ਵਲੋਂ ਆਪਣੇ ਧਰਮ ਦੇ ਵਿਕਾਸ ਲਈ ਗਲਤ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਗਲਤ ਵਿਆਖਿਆ ਕੀਤੀ ਗਈ ਹੈ, ਜੋ ਕਿ ਨਾ ਸਹਿਣਯੋਗ ਹੈ। ਉਕਤ ਨੇਤਾਵਾਂ ਨੇ ਕਿਹਾ ਕਿ ਧਰਮ ਪਰਿਵਰਤਨ ਵਰਗੇ ਨਾਜਾਇਜ਼ ਕੰਮ ਕੀਤੇ ਜਾ ਰਹੇ ਹਨ। ਸਿੱਖ ਸਮਾਜ ਨੇ ਮੰਗ ਕੀਤੀ ਕਿ ਉਕਤ ਔਰਤ ਖਿਲਾਫ ਕਾਰਵਾਈ ਕੀਤੀ ਜਾਵੇ। ਕਮਿਸ਼ਨਰੇਟ ਪੁਲਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਔਰਤ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ। ਏ. ਸੀ. ਪੀ. ਸਤਿੰਦਰ ਚੱਢਾ ਨੇ ਦੱਸਿਆ ਕਿ ਔਰਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਚੱਲ ਰਹੇ ਕਲਿਪ ਲੈ ਕੇ ਔਰਤ ਦੀ ਪਛਾਣ ਕੀਤੀ ਜਾ ਰਹੀ ਹੈ।