ਵਿਆਹ ਪੁਰਬ ’ਤੇ ਸੰਗਤਾਂ ਨੇ ਦੂਰਬੀਨ ਤੋਂ ਬਿਨਾਂ ਸਰਹੱਦ ਤੋਂ ਕੀਤੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
Tuesday, Sep 14, 2021 - 12:58 PM (IST)
ਡੇਰਾ ਬਾਬਾ ਨਾਨਕ (ਮਾਂਗਟ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬਣੇ ਦਰਸ਼ਨ ਸਥਲ ਤੋਂ ਨਾਨਕ ਨਾਮਲੇਵਾ ਸੰਗਤਾਂ ਨੇ ਪਾਕਿ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕੀਤੇ। ਇਸ ਮੌਕੇ ਸਰਹੱਦ ’ਤੇ ਪੁਜੀਆਂ ਨਾਨਕ ਨਾਮਲੇਵਾ ਸੰਗਤਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ।
ਇਸ ਮੌਕੇ ਮਹਿੰਦਰ ਸਿੰਘ, ਬਲਜੀਤ ਸਿੰਘ, ਵੱਸਣ ਸਿੰਘ, ਕਰਤਾਰ ਸਿੰਘ, ਜਸਬੀਰ ਸਿੰਘ, ਤੇਜਬੀਰ ਸਿੰਘ, ਹਰਦੇਵ ਸਿੰਘ ਆਦਿ ਨੇ ਦੱਸਿਆ ਕਿ ਕੇਂਦਰ ਤੇ ਪਾਕਿਸਤਾਨ ਸਰਕਾਰ ਵੱਲੋਂ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਦੀ ਭਾਵਨਾ ਨੂੰ ਸਮਝਾਇਆ ਹੋਇਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਧਰਮਾਂ ਦੇ ਧਾਰਮਿਕ ਅਸਥਾਨਾਂ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਵੇਲੇ ਸਾਰੇ ਧਰਮਾਂ ਦੇ ਇਤਿਹਾਸਕ ਸਥਾਨ ਖੁੱਲ੍ਹਣ ਦੇ ਬਾਵਜੂਦ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਿਆ ਗਿਆ। ਨਾਨਕ ਨਾਮ ਲੇਵਾ ਸੰਗਤਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਵੇਖਣ ਤੋਂ ਬਾਅਦ ਨਾਨਕ ਨਾਮਲੇਵਾ ਸੰਗਤਾਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬਣੇ ਆਰਜ਼ੀ ਦਰਸ਼ਨ ਸਥਲ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਰਹੀਆਂ ਹਨ। ਅਫਸੋਸ ਕਿ ਦਰਸ਼ਨ ਸਥਲ ’ਤੇ ਧੁੱਪ ਤੋਂ ਬਚਣ ਲਈ ਛਾਂ ਦਾ ਪ੍ਰਬੰਧ ਅਤੇ ਦੂਰਬੀਨ ਦੀ ਘਾਟ ਹੋਣ ਕਾਰਨ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਿਨਾਂ ਦੂਰਬੀਨ ਅਤੇ ਕੜਾਕੇ ਦੀ ਧੁੱਪ ਵਿੱਚ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਸ੍ਰੀ ਕਰਤਾਰਪੁਰ ਲਾਂਘਾ ਤਰੁੰਤ ਖੋਲ੍ਹਿਆ ਜਾਵੇ ਤਾਂ ਜੋ ਨਾਨਕ ਨਾਮਲੇਵਾ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ।