ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

Saturday, Nov 13, 2021 - 04:59 PM (IST)

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

ਅੰਮ੍ਰਿਤਸਰ (ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਨਾਲ ਸਿੱਖ ਸ਼ਰਧਾਲੂਆਂ ਦੇ ਮਨ ਨੂੰ ਠੇਸ ਪੁੱਜਦੀ ਹੈ।

ਇਹ ਵੀ ਪੜ੍ਹੋ:  'ਆਪ' ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ 'ਤੇ ਦਲਜੀਤ ਚੀਮਾ ਨੇ ਲਈ ਚੁਟਕੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ’ਚ ਸਥਿਤ ਸਿੱਖ ਕੌਮ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਹਰ ਸ਼ਰਧਾਲੂ ਦੇ ਮਨ ਵਿਚ ਤਾਂਘ ਹੁੰਦੀ ਹੈ ਅਤੇ ਜਦੋਂ ਉਨ੍ਹਾਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੁੰਦਾ ਤਾਂ ਕੁਦਰਤੀ ਤੌਰ ’ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਹਰ ਸ਼ਰਧਾਲੂ ਨੂੰ ਵੀਜ਼ਾ ਮਿਲਣਾ ਚਾਹੀਦਾ ਹੈ ਤਾਂ ਕਿ ਵੱਧ ਤੋਂ ਵੱਧ ਸੰਗਤਾਂ ਆਪਣੇ ਪਾਵਨ ਅਸਥਾਨਾਂ ਵਿਖੇ ਸ਼ਰਧਾ ਪ੍ਰਗਟਾ ਸਕਣ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ 17 ਨਵੰਬਰ ਨੂੰ ਜਥਾ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਅਨੁਸਾਰ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ 16 ਨਵੰਬਰ ਨੂੰ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ 14 ਤੇ 15 ਨਵੰਬਰ ਨੂੰ ਕੋਰੋਨਾ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ ਕਿਉਂਕਿ ਪਾਕਿਸਤਾਨ ਜਾਣ ਵਾਲੇ ਹਰ ਸ਼ਰਧਾਲੂ ਲਈ 72 ਘੰਟਿਆਂ ਦੇ ਦਰਮਿਆਨ ਵਾਲੀ ਕੋਰੋਨਾ ਰਿਪੋਰਟ ਲਾਜ਼ਮੀ ਹੈ। ਇਸ ਦੇ ਨਾਲ ਹੀ ਹਰ ਸ਼ਰਧਾਲੂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਵੀ ਲੱਗੀਆਂ ਹੋਣੀਆਂ ਚਾਹੀਦੀ ਹਨ।

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

ਨੋਟ: ਕੀ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ?ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News