ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ''ਤੇ ਚੱਲਣ ਦੀ ਲੋੜ : ਭਾਈ ਲੌਂਗੋਵਾਲ

04/20/2018 5:40:46 PM

ਬੁਢਲਾਡਾ (ਬਾਂਸਲ) : ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੂਰੁਆਤ ਗੁਰਬਾਣੀ ਸ਼ਬਦ ਨਾਲ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਸਮੇਤ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਾਲਜ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਤੇ ਪਿਛਲੇ ਸਮੇਂ ਦੌਰਾਨ ਕਾਲਜ ਵਿਖੇ ਸ਼ੁਰੂ ਕੀਤੇ ਗਏ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੁਆਰਾ ਕਾਲਜ ਨੂੰ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਸਹਿਯੋਗ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਭਵਿੱਖ 'ਚ ਵੀ ਕਾਲਜ ਨੂੰ ਸਹਿਯੋਗ ਦੇਣ ਲਈ ਆਸ ਦਾ ਪ੍ਰਗਟਾਵਾ ਕੀਤਾ ਤਾਂ ਜੋ ਗੁਰੂਆਂ ਦੀ ਛੋਹ ਪ੍ਰਾਪਤ ਪੰਜਾਬ ਦੇ ਮਾਲਵਾ ਖਿੱਤੇ ਨੂੰ ਵਿਦਿਆ ਦੇ ਖੇਤਰ 'ਚ ਮੋਹਰੀ ਬਣਾਇਆ ਜਾ ਸਕੇ। ਪ੍ਰੋਗਰਾਮ ਦੌਰਾਨ ਅਕਾਦਮਿਕ, ਸੱਭਿਆਚਾਰਕ, ਖੇਡਾਂ ਅਤੇ ਐੱਨ.ਸੀ.ਸੀ. ਦੇ ਖੇਤਰ 'ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਈ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਲਜ ਦੇ ਵੱਖ ਵੱਖ ਵਿਭਾਗਾਂ ਦਾ ਦੌਰਾ ਕਰਨ ਤੋਂ ਬਾਅਦ ਮੈਂ ਇਹ ਯਕੀਨੀ ਤੌਰ 'ਤੇ ਕਿਹਾ ਸਕਦਾ ਹਾਂ ਕਿ ਇਹ ਸੰਸਥਾਂ ਪੰਜਾਬ ਦੀ ਨਹੀਂ ਬਲਕਿ ਪੂਰੇ ਭਾਰਤ ਦੇਸ਼ ਦੀ ਸਿਰਮੌਰ ਵਿਦਿਅਕ ਸੰਸਥਾ ਹੈ।|ਉਨ੍ਹਾਂ ਕਾਲਜ ਦੇ ਲਾਇਬ੍ਰੇਰੀ, ਸਾਇੰਸ, ਅੰਗ੍ਰੇਜੀ, ਕਾਮਰਸ, ਕੰਪਿਊਟਰ, ਫਾਈਨ ਆਰਟ, ਫੈਸ਼ਨ, ਹੋਮ ਸਾਇੰਸ, ਫੂਡ ਪ੍ਰੋਸੈਸਿੰਗ, ਖੇਤੀਬਾੜੀ ਵਿਭਾਗਾਂ ਦੀਆਂ ਲੈਬਜ਼ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਦੀਆਂ ਰਾਸ਼ਟਰੀ ਪ੍ਰਾਪਤੀਆਂ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਇਸ ਦਾ ਸਿਹਰਾ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੇ ਸਿਰ ਬੰਨਿਆ। ਭਾਈ ਲੌਂਗੋਵਾਲ ਨੇ ਕਾਲਜ ਨੂੰ ਨੈਕ ਵੱਲੋਂ ਏ’ਗਰੇਡ ਪ੍ਰਾਪਤ ਕਰਨ 'ਤੇ ਵਧਾਈ ਵੀ ਦਿੱਤੀ। ਸਮਾਗਮ ਦੇ ਅੰਤ 'ਚ ਨੌਜਵਾਨ ਪੀੜ੍ਹੀ ਨੂੰ ਬਾਬੇ ਨਾਨਕ ਦੁਆਰਾ ਦਿਖਾਏ ਗਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਰੋਹ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਦੀ ਆਮਦ ਤੇ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।