PGI ਦੀ ਤਰਜ਼ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਹੋਵੇਗਾ ਵਿਕਾਸ, ਨਾਜਾਇਜ਼ ਕਬਜ਼ਿਆਂ ਦੀ ਕੀਤੀ ਜਾਵੇਗੀ ਜਾਂਚ

10/05/2022 4:18:05 PM

ਅੰਮ੍ਰਿਤਸਰ (ਦਲਜੀਤ) - ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੀ. ਜੀ. ਆਈ. ਤਰਜ਼ ’ਤੇ ਵਿਕਾਸ ਕੀਤਾ ਜਾਵੇਗਾ। ਇਸ ਲਈ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ਼ ਨੂੰ ਦੂਜੇ ਹਸਪਤਾਲਾਂ ਵਿਚ ਰੈਫਰ ਨਾ ਕੀਤਾ ਜਾਵੇ ਸਗੋਂ ਇਥੇ ਮਰੀਜ਼ ਦਾ ਇਲਾਜ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਵਿਖੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮੁੱਖ ਲੋੜ ਸਿਖਿਆ ਅਤੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੀ ਹੈ। ਸਭ ਤੋਂ ਵੱਡੀ ਜ਼ਰੂਰਤ ਹੈ ਕਿ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾਵੇ ਅਤੇ ਇਨ੍ਹਾਂ ਵਿਚ ਪਾਈਆਂ ਜਾਂਦੀਆਂ ਘਾਟਾਂ ਨੂੰ ਦੂਰ ਕੀਤਾ ਜਾਵੇ।

ਸਿਹਤ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਮਰੀਜ਼ ਸਰਕਾਰੀ ਹਸਪਤਾਲ ਵਿਚ ਆਉਂਦਾ ਹੈ ਤਾਂ ਉਸ ਨੂੰ ਆਪਣੇ ਕਲਾਵੇ ਵਿਚ ਲਵੋ ਨਾ ਕਿ ਦੁਤਕਾਰੋ। ਮੱਧ ਵਰਗ ਅਤੇ ਗ਼ਰੀਬ ਵਰਗ ਦੇ ਲੋਕ ਸਰਕਾਰੀ ਹਸਪਤਾਲਾਂ ਵਿੱਚ ਆਉਂਦੇ ਹਨ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਸਕੀਏ। ਜੌੜਾਮਾਜਰਾ ਨੇ ਕਿਹਾ ਕਿ ਸਾਨੂੰ ਸਮੇਂ ਦੇ ਹਾੜੀ ਬਣਨਾ ਚਾਹੀਦਾ ਹੈ ਅਤੇ ਪੁਰਾਣੇ ਢਾਂਚੇ ਨੂੰ ਖ਼ਤਮ ਕਰੀਏ। ਸਿਹਤ ਵਿਭਾਗ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੋ ਤੁਹਾਡੀਆਂ ਜ਼ਰੂਰਤਾਂ ਹਨ, ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।

ਸੁਪਰਸਪੈਸ਼ਲਿਟੀ ਡਾਕਟਰਾਂ ਦੀ ਘਾਟ ਨੂੰ ਕੀਤਾ ਜਾਵੇਗਾ ਪੂਰਾ
ਸਿਹਤ ਮੰਤਰੀ ਨੇ ਦੱਸਿਆ ਕਿ ਜਲਦ ਸੁਪਰਸਪੈਸ਼ਲਿਟੀ ਡਾਕਟਰਾਂ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ। ਸਿਹਤ ਵਿਭਾਗ ਵਿਚ, ਜੋ ਅਸਾਮੀਆਂ ਖਾਲੀ ਪਈਆਂ ਹਨ, ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ ਹਸਪਤਾਲਾਂ ਦੀ ਜੋ ਨਵੀਆਂ ਇਮਾਰਤਾਂ ਬਣ ਰਹੀਆਂ ਹਨ, ਉਹ ਪੂਰੀ ਤਰ੍ਹਾਂ ਸੈਂਟਰਲ ਏ. ਸੀ. ਹੋਣ ਅਤੇ ਉਨ੍ਹਾਂ ਦੇ ਸੋਲਰ ਸਿਸਟਮ ਜ਼ਰੂਰ ਲੱਗਾ ਹੋਵੇ। ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਮੈਡੀਕਲ ਕਾਲਜ ਦੀਆਂ ਕਈ ਥਾਂਵਾਂ ’ਤੇ ਨਾਜਾਇਜ਼ ਕਬਜ਼ੇ ਹੋਏ ਹਨ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਲੋਕਾਂ ਵੱਲੋਂ ਜੋ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਨੂੰ ਛੁਡਾਇਆ ਜਾਵੇਗਾ

ਕੋਰੋਨਾ ਦੌਰਾਨ ਡਿਊਟੀ ਤੋਂ ਕੱਢੇ ਕਰਮਚਾਰੀਆਂ ਨੂੰ ਜਲਦੀ ਕੀਤਾ ਜਾਵੇਗਾ ਐਡਜਸਟ
ਸਿਹਤ ਮੰਤਰੀ ਨੇ ਦੱਸਿਆ ਕਿ ਕੋਰੋਨਾ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਡਿਊਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ, ਨੂੰ ਜਲਦੀ ਐਡਜਸਟ ਕੀਤਾ ਜਾਵੇਗਾ। ਉਨ੍ਹਾਂ ਨੌਕਰੀ ਵਿੱਚੋ ਕੱਢੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀ ਧਰਨੇ ਨਾ ਲਗਾਓ ਅਤੇ ਨਾ ਹੀ ਕਾਹਲੀ ਕਰੋ, ਤੁਹਾਨੂੰ ਸਭ ਨੂੰ ਜ਼ਰੂਰ ਪੱਕਿਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ ਸੱਤਾ ਵਿੱਚ ਆਏ 6 ਮਹੀਨੇ ਹੋਏ ਹਨ ਅਤੇ ਅਸੀਂ 6 ਮਹੀਨਿਆਂ ਵਿਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਸਾਲਾਂ ਦੌਰਾਨ ਜੋ ਸਰਕਾਰੀ ਹਸਪਤਾਲਾਂ ਦੀਆਂ ਇਮਾਂਰਤਾਂ ਬਣੀਆਂ ਹਨ, ਦੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਵੱਲੋਂ ਹਰੇਕ ਡਾਕਟਰ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ।

ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ
ਇਸ ਉਪਰੰਤ ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਗਿਆ। ਸਿਹਤ ਮੰਤਰੀ ਵਲੋਂ ਵਾਸ਼ਰੂਮਾਂ ਦੀ ਜਾਂਚ ਕਰਨ ਉਪਰੰਤ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਵੱਲੋਂ ਦੌਰੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਚੱਲ ਰਹੀਂ ਕੰਟੀਨ ਦਾ ਦੌਰਾ ਕੀਤਾ ਅਤੇ ਉਥੇ ਸਾਫ਼-ਸਫ਼ਾਈ ਦੇ ਪ੍ਰਬੰਧ ਨੂੰ ਲੈ ਕੇ ਮੈਡੀਕਲ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਵੀਨਾ ਚਤਰਥ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਡਾ. ਰਾਜੀਵ ਦੇਵਗਨ, ਮੈਡੀਕਲ ਸੁਪਰਡੰਟ ਡਾ. ਕਰਮਜੀਤ ਸਿੰਘ ਆਦਿ ਹਾਜ਼ਰ ਸਨ।

ਮੰਤਰੀ ਨੂੰ ਮੁਲਾਜ਼ਮਾਂ ਨੇ ਸੌਂਪਿਆ ਮੰਗ-ਪੱਤਰ
ਖੋਜ ਅਤੇ ਮੈਡੀਕਲ ਸਿੱਖਿਆ ਵਿਭਾਗ ਮੰਤਰੀ ਚੇਤਨ ਜੌਰਾਮਾਜਰਾ ਨੂੰ ਜਤਿਨ ਸ਼ਰਮਾ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ। ਆਗੂਆਂ ਵਲੋਂ ਮੰਤਰੀ ਨੂੰ ਇਸ ਮੰਗ ਬਾਰੇ ਦੱਸਿਆ ਗਿਆ ਕੀ ਸੰਸਥਾ ਅਧੀਨ ਮੈਡੀਕਲ ਸਿੱਖਿਆ ਤੇ ਖੋਜ਼ ਵਿਭਾਗ, ਪੰਜਾਬ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ/ਪਟਿਆਲਾ ਵਿਖੇ ਇਹ ਕਰਮਚਾਰੀ ਪਿਛਲੇ 13 ਸਾਲਾਂ ਤੋਂ ਸੇਵਾ ਨਿਭਾ ਰਹੇ ਹਨ। ਇਨ੍ਹਾਂ ਦੀ ਨਿਯੁਕਤੀ ਦਰਜਾ-ਚਾਰ ਅਤੇ ਦਰਜਾ-ਤਿੰਨ (ਅਨਸਿਲਰੀ ਸਟਾਫ਼) ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿਰੁੱਧ ਕੀਤੀ ਗਈ ਸੀ। ਇਹ ਕਰਮਚਾਰੀ ਹੁਣ ਤੱਕ ਡੀ. ਸੀ ਵਲੋਂ ਜਾਰੀ ਲੇਬਰ ਰੇਟਾਂ ਤੇ ਕੰਮ ਕਰ ਰਹੇ ਹਾਂ, ਕਿਉਂਕਿ ਉਮਰ ਵੱਧਣ ਨਾਲ ਇਨ੍ਹਾਂ ਦੀਆਂ ਪਰਿਵਾਰਕ ਜ਼ਿੰਮੇਵਾਰੀਆਂ ਵੀ ਵੱਧ ਰਹੀਆਂ ਹਨ। ਜੇਕਰ ਸਰਕਾਰ ਵਲੋਂ ਇੰਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤਾਂ ਇਨ੍ਹਾਂ ਦੀ ਭਵਿੱਖ ਹਨੇਰੇ ਵਿਚ ਚਲਾ ਜਾਵੇਗਾ। ਇਸ ਲਈ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਮੰਤਰੀ ਨੂੰ ਪੁਰਜ਼ੋਰ ਮੰਗ ਕੀਤੀ ਗਈ ਕੀ ਇੰਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਇਸ ਮੌਕੇ ਨਰਿੰਦਰ ਸਿੰਘ ਪ੍ਰਧਾਨ, ਪ੍ਰੇਮ ਚੰਦ ਪ੍ਰਧਾਨ, ਮਨਦੀਪ ਸਿੰਘ ਆਦਿ ਹਾਜ਼ਰ ਸਨ।

rajwinder kaur

This news is Content Editor rajwinder kaur