ਧਰਮਸੌਤ ਵਲੋਂ ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦਾ ਅਕਾਲੀ ਦਲ ਵਲੋਂ ਗੰਭੀਰ ਨੋਟਿਸ
Monday, Oct 26, 2020 - 06:33 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਕੇ ਕੀਤੀ ਬੇਅਦਬੀ ਦਾ ਗੰਭੀਰ ਨੋਟਿਸ ਲਿਆ ਅਤੇ ਪਾਰਟੀ ਨੇ ਮੰਗ ਕੀਤੀ ਕਿ ਧਰਮਸੌਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਜਾਵੇ। ਇੱਥੇ ਜਾਰੀ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਧਰਮਸੌਤ ਨੇ ਸਾਰੇ ਮੰਤਰੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਹੈ ਪਰ ਇਸਦੇ ਬਾਵਜੂਦ ਮੌਕੇ 'ਤੇ ਹਾਜ਼ਰ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਧਰਮਸੌਤ ਨੂੰ ਇਸ ਬੱਜ਼ਰ ਗੁਨਾਹ ਲਈ ਨਹੀਂ ਟੋਕਿਆ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ
ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਧਰਮਸੌਤ ਵਲੋਂ ਕੀਤੇ ਭ੍ਰਿਸ਼ਟਾਚਾਰ ਲਈ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਕੇ ਉਨ੍ਹਾਂ ਦੇ ਧੱਬੇ ਧੋਣ ਦੀ ਕੋਸ਼ਿਸ਼ ਭਾਵੇਂ ਕੀਤੀ ਹੈ ਪਰ ਉਹ ਐੱਸ. ਸੀ. ਸਕਾਲਰਸ਼ਿਪ ਘੋਟਾਲੇ ਦੇ ਮੁੱਖ ਦੋਸ਼ੀ ਹਨ ਤੇ ਐਡੀਸ਼ਨਲ ਚੀਫ ਸੈਕਟਰੀ ਦੀ ਰਿਪੋਰਟ ਵਿਚ ਇਹ ਗੱਲ ਸਾਬਿਤ ਵੀ ਹੋ ਗਈ ਹੈ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਪਿੱਛੋਂ ਲੌਂਗੋਵਾਲ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਮੰਦਭਾਗਾ ਹੈ ਕਿ ਮੁੱਖ ਮੰਤਰੀ ਵਲੋਂ ਦਿੱਤੀ ਕਲੀਨ ਚਿੱਟ ਦੇ ਬਦਲੇ ਧਰਮਸੌਤ ਵਲੋਂ ਮੁੱਖ ਮੰਤਰੀ ਨੂੰ ਖੁਸ਼ ਕਰਨ ਵਾਸਤੇ ਉਨ੍ਹਾਂ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ। ਇਹ ਗੁਰੂ ਸਾਹਿਬ ਦਾ ਅਪਮਾਨ ਹੈ, ਜੋ ਸਿੱਖ ਕੌਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਬੇਅਦਬੀ ਲਈ ਲਈ ਮੰਤਰੀ ਧਰਮਸੌਤ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਉਸ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿਚ ਐੱਫ਼.ਆਈ.ਆਰ. ਦਰਜ ਕੀਤੀ ਜਾਵੇ।
ਇਹ ਵੀ ਪੜ੍ਹੋ : ਟਾਂਡਾ ਘਟਨਾ 'ਤੇ ਕੇਂਦਰੀ ਮੰਤਰੀ ਸੀਤਾਰਮਨ ਤੇ ਜਾਵੇਡਕਰ ਦੇ ਬਿਆਨ 'ਤੇ ਕੈਪਟਨ ਦਾ ਠੋਕਵਾਂ ਜਵਾਬ