ਰੰਧਾਵਾ ਦਾ ਐਲਾਨ, 31 ਅਕਤੂਬਰ ਤਕ ਹਰ ਹਾਲ ''ਚ ਪੂਰਾ ਹੋਵੇਗਾ ਲਾਂਘੇ ਦਾ ਕੰਮ

10/22/2019 5:58:32 PM

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਰੰਧਾਵਾ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣਾ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਲਾਂਘੇ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋਣ ਵਾਲਾ ਹੈ ਅਤੇ 31 ਅਕਤੂਬਰ ਤੱਕ ਹਰ ਹੀਲੇ ਕੰਮ ਮੁਕੰਮਲ ਹੋ ਜਾਵੇਗਾ। ਨਵਬੰਰ ਮਹੀਨੇ ਲਾਂਘੇ ਦੇ ਉਦਘਾਟਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਕਾਰਨ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ ਹੁਣੇ ਤੋਂ ਹੀ ਵਾਧਾ ਹੋ ਗਿਆ ਹੈ। ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਕੋਈ ਵੀ ਕਸਰ ਨਾ ਛੱਡਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਵੀ ਜ਼ੋਰਾ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਵਿਰਾਸਤੀ ਦਿੱਖ ਦਿੱਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ 8 ਤੋਂ 11 ਨਵੰਬਰ ਤੱਕ ਮਨਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਉਤਸਵ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਡੇਰਾ ਬਾਬਾ ਨਾਨਕ ਆਉਣਗੇ। ਇਸ ਮੌਕੇ ਉਨ੍ਹਾਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਵੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਠਹਿਰਨ, ਲੰਗਰ, ਪਾਰਕਿੰਗ ਆਦਿ ਦਾ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। 5 ਹਜ਼ਾਰ ਸੰਗਤਾਂ ਦੇ ਠਹਿਰਨ ਲਈ ਟੈਂਟ ਸਿਟੀ ਅਤੇ 30 ਹਜ਼ਾਰ ਸੰਗਤ ਦੇ ਬੈਠਣ ਦੀ ਸਮਰੱਥਾ ਵਾਲਾ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਤਸਵ ਦੌਰਾਨ ਧਾਰਮਿਕ ਸਮਾਗਮਾਂ ਦੇ ਨਾਲ ਸਾਹਿਤਕ, ਅਕਾਦਮਿਕ ਸਮਾਗਮ ਸੰਗਤਾਂ ਨੂੰ ਰੂਹਾਨੀਅਤ ਦੇ ਰੰਗ ਵਿਚ ਰੰਗਣਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਚੇਚੇ ਤੌਰ 'ਤੇ ਲਿਆਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਤੇ ਦੁਰਲੱਭ ਹੱਥ ਲਿਖਤ 16 ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ।

Gurminder Singh

This news is Content Editor Gurminder Singh