ਗੁਰੂ ਨਾਨਕ ਦੇਵ ਜੀ ਨੇ ਪਖੰਡ, ਝੂਠ ਤੇ ਜਾਤ-ਪਾਤ ਦੀਆਂ ਵਲ਼ਗਣਾਂ ਤੋਂ ਉੱਪਰ ਉੱਠਣ ਦਾ ਦਿੱਤਾ ਸੁਨੇਹਾ : CM ਮਾਨ

Friday, Nov 11, 2022 - 05:02 AM (IST)

ਗੁਰੂ ਨਾਨਕ ਦੇਵ ਜੀ ਨੇ ਪਖੰਡ, ਝੂਠ ਤੇ ਜਾਤ-ਪਾਤ ਦੀਆਂ ਵਲ਼ਗਣਾਂ ਤੋਂ ਉੱਪਰ ਉੱਠਣ ਦਾ ਦਿੱਤਾ ਸੁਨੇਹਾ : CM ਮਾਨ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਪ੍ਰਚਾਰਿਆ ਭਾਈਚਾਰੇ ਅਤੇ ਫਿਰਕੂ ਸਦਭਾਵਨਾ ਦਾ ਸੰਕਲਪ ਸਮਕਾਲੀ ਪਦਾਰਥਵਾਦੀ ਸੰਸਾਰ 'ਚ ਸਭ ਤੋਂ ਵੱਧ ਪ੍ਰਸੰਗਿਕ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਕੀਦਤ ਭੇਟ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਮਹਾਨ ਅਧਿਆਤਮਿਕ ਆਗੂ ਸਨ, ਜਿਨ੍ਹਾਂ ਨੇ ਧਰਮ ਪ੍ਰਚਾਰ ਰਾਹੀਂ ਮਨੁੱਖਤਾ ਦੀ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ ਅਤੇ ਉਦੇਸ਼ਾਂ ਨਾਲ ਪ੍ਰੇਰਿਤ ਕੀਤਾ ਤੇ ਪਖੰਡ, ਝੂਠ, ਦਿਖਾਵੇ ਅਤੇ ਜਾਤ-ਪਾਤ ਦੀਆਂ ਵਲ਼ਗਣਾਂ ਤੋਂ ਉੱਪਰ ਉੱਠਣ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ : SGPC ਚੋਣ ਜਿੱਤਣ ਤੋਂ ਬਾਅਦ ਮਜੀਠੀਆ ਦਾ ਬਿਆਨ- 'ਸ਼੍ਰੋਮਣੀ ਕਮੇਟੀ ਨੂੰ ਤੋੜਨ ’ਚ ਵਿਰੋਧੀ ਕਦੇ ਨਹੀਂ ਹੋਣਗੇ ਕਾਮਯਾਬ'

ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਗ੍ਰਹਿਣ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਤਾਂ ਕਿ ਦੁੱਖਾਂ ਨਾਲ ਪਰੁੰਨੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਆਪਣੀਆਂ ਉਦਾਸੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੂੰ ਵਿਸ਼ਵ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ, ਨੇ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦਾ ਪ੍ਰਚਾਰ ਕੀਤਾ। ਗੁਰੂ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਜ਼ੁਲਮ, ਅਨਿਆਂ ਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ।

ਇਹ ਵੀ ਪੜ੍ਹੋ : ਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਦੀ ਗੁਰੂ ਨਾਲ, ਪਾਣੀ ਦੀ ਪਿਤਾ ਨਾਲ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਨੇ ਉਸ ਸਮੇਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਇਸ ਦਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ, ਜਿਸ ਤੋਂ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦਾ ਪਤਾ ਲੱਗਦਾ ਹੈ।

ਇਹ ਵੀ ਪੜ੍ਹੋ : ਸਾਨੀਆ ਮਿਰਜ਼ਾ ਤੇ ਸ਼ੋਏਬ ਮਲਿਕ ਦਾ ਤਲਾਕ Confirm! ਦੋਸਤ ਨੇ ਕੀਤਾ ਖੁਲਾਸਾ

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਮਨਾਉਣ ਲਈ ਹਮੇਸ਼ਾ ਮੋਹਰੀ ਰਹੇ ਹਨ। ਇਸ ਮੌਕੇ ਵਧਾਈ ਦਿੰਦਿਆਂ ਰਾਜਪਾਲ ਪੁਰੋਹਿਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ 'ਤੇ ਜ਼ੋਰ ਦਿੱਤਾ। ਗੁਰੂ ਸਾਹਿਬ ਦੇ ਜੀਵਨ ਬਾਰੇ ਸੰਖੇਪ ਝਾਤ ਪਾਉਂਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਦੇ ਸ਼ੁਰੂਆਤੀ ਸਾਲ ਇਹ ਦਰਸਾਉਂਦੇ ਹਨ ਕਿ ਉਨ੍ਹਾਂ ਨੂੰ ਰੱਬੀ ਬਖਸ਼ਿਸ਼ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News