ਕੈਪਟਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਦੀ ਯਾਦ ’ਚ ਚੇਅਰ ਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

Saturday, Aug 14, 2021 - 06:05 PM (IST)

ਅੰਮ੍ਰਿਤਸਰ(ਵਿਪਨ ਅਰੋੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸ਼ਖਸੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿਚ ਸਥਾਪਤ ਕੀਤੀ ਚੇਅਰ ਸਮੇਤ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਅਗਵਾਈ ਕਰਨਗੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਪਹੁੰਚਣ ਮੌਕੇ ਮੁੱਖ ਮੰਤਰੀ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਨੂੰ ਸਮਰਪਿਤ ਚੇਅਰ ਦਾ ਉਦਘਾਟਨ ਕੀਤਾ। ਇਹ ਚੇਅਰ ਮਹਾਨ ਧਾਰਮਿਕ ਸ਼ਖਸੀਅਤ ਅਤੇ ਉੱਘੇ ਸਿੱਖਿਆ ਸ਼ਾਸਤਰੀ ਦੀ ਯਾਦ ਵਿਚ ਸਥਾਪਤ ਕੀਤੀ ਗਈ ਹੈ ਅਤੇ ਮੌਜੂਦਾ ਵਿੱਤੀ ਸਾਲ ਵਿਚ ਸੂਬਾ ਸਰਕਾਰ ਨੇ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਸ ਚੇਅਰ ਦੀ ਮੁਖੀ ਇਕ ਪ੍ਰੋਫੈਸਰ ਅਤੇ ਉਨ੍ਹਾਂ ਨਾਲ ਤਿੰਨ ਖੋਜ ਸਹਾਇਕ ਵੀ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ 6.10 ਕਰੋੜ ਰੁਪਏ ਦੀ ਲਾਗਤ ਵਾਲੇ ਸਕੂਲ ਆਫ਼ ਐਜੂਕੇਸ਼ਨ, 2.45 ਕਰੋੜ ਰੁਪਏ ਦੀ ਲਾਗਤ ਵਾਲੇ ਜਨ ਸੰਚਾਰ ਵਿਭਾਗ, 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਇਹ ਪ੍ਰਾਜੈਕਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮੁਲਕ ਦੀਆਂ ਉਚ ਦਰਜੇ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਸਥਾਨ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਨੂੰ ਸਮਰਪਿਤ ਚੇਅਰ ਮਹਾਨ ਸੰਤ ਸਖਸ਼ੀਅਤ ਦੇ ਜੀਵਨ ਅਤੇ ਫਿਲਾਸਫੀ ਉਤੇ ਡੂੰਘੀ ਖੋਜ ਕਰਨ ਲਈ ਵਿਦਵਾਨਾਂ ਅਤੇ ਖੋਜਾਰਥੀਆਂ ਦੀ ਮਦਦ ਕਰੇਗੀ। ਸੰਤ ਜੀ ਨੇ ਰਸਮੀ ਤੌਰ ’ਤੇ  ਸਿੱਖਿਆ ਦੇ ਪਾਸਾਰ ਨੂੰ ਅਮਲ ਵਿਚ ਲਿਆਉਣ ਦੀ ਅਗਵਾਈ ਉਸ ਸਮੇਂ ਕੀਤੀ, ਜਿਸ ਵੇਲੇ ਸਿੱਖਿਆ ਨੂੰ ਮਹੱਤਵਪੂਰਨ ਨਹੀਂ ਸੀ ਮੰਨਿਆ ਜਾਂਦਾ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਚੇਅਰ ਵੱਲੋਂ ਕੀਤੀ ਖੋਜ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੱਕ ਹੀ ਮਹਿਦੂਦ ਨਹੀਂ ਰਹੇਗੀ ਸਗੋਂ ਇਨ੍ਹਾਂ ਨੂੰ ਕਿਤਾਬਾਂ ਵਜੋਂ ਪ੍ਰਕਾਸ਼ਿਤ ਕੀਤਾ ਜਾਵੇਗਾ ਤਾਂ ਕਿ ਦੁਨੀਆਂ ਨੂੰ ਸੰਤ ਜੀ ਦੇ ਯੋਗਦਾਨ ਅਤੇ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ।

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਫੰਡਾਂ ਦੀ ਘਾਟ ਸਬੰਧੀ ਜ਼ਾਹਰ ਕੀਤੀ ਗਈ ਚਿੰਤਾ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਜਿਹੀ ਖੋਜ ਲਈ ਗ੍ਰਾਂਟਾਂ ਵਿਚ ਵਾਧਾ ਕੀਤਾ ਜਾਵੇਗਾ। ਬਾਜਵਾ ਨੇ ਆਪਣੀ ਸ਼ੁਰੂਆਤੀ ਟਿੱਪਣੀ ਵਿਚ ਅਫਸੋਸ ਜਤਾਇਆ ਕਿ ਯੂਨੀਵਰਸਿਟੀਆਂ ਵਿਚ ਸਥਾਪਤ ਕੀਤੀਆਂ ਜਾਂਦੀਆਂ ਚੇਅਰਜ਼ ਫੰਡਾਂ ਦੀ ਘਾਟ ਕਰਨ ਖੁਦ-ਬ-ਖੁਦ ਖ਼ਤਮ ਹੋ ਜਾਂਦੀਆਂ ਹਨ। ਸਿੱਖ ਧਰਮ ਦੇ ਪ੍ਰਸਾਰ ਲਈ ਲੁਬਾਣਾ ਭਾਈਚਾਰੇ ਦੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਕਾਲ ਦੌਰਾਨ ਮਹਾਨ ਸ਼ਰਧਾਲੂਆਂ ਮੱਖਣ ਸ਼ਾਹ ਲੁਬਾਣਾ ਅਤੇ ਲੱਖੀ ਸ਼ਾਹ ਵਣਜਾਰਾ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਪੰਜਾਬੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਇਸ ਮੌਕੇ ਵਿਧਾਇਕ ਅੰਮ੍ਰਿਤਸਰ (ਪੱਛਮੀ) ਡਾ. ਰਾਜ ਕੁਮਾਰ ਵੇਰਕਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਟਾਂਡਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਦੇ ਪ੍ਰੋ. ਸਰਬਜਿੰਦਰ ਸਿਘ ਮੌਜੂਦ ਸਨ। ਮੁੱਖ ਮੰਤਰੀ ਨੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ।ਇਸ ਤੋਂ ਬਾਅਦ ਉਨ੍ਹਾਂ ਨੇ ਚਾਹ ਪੀਣ ਮੌਕੇ ਕੋਰੋਨਾ ਯੋਧਿਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ।


Gurminder Singh

Content Editor

Related News