ਗੁਰੂ ਨਾਨਕ ਦੇਵ ਯੂਨੀਵਰਸਿਟੀ ''ਚ ਅੰਤਰ-ਧਰਮ ਕੇਂਦਰ ਲਈ 67.5 ਕਰੋੜ ਰੁਪਏ ਮਨਜ਼ੂਰ : ਹਰਸਿਮਰਤ ਬਾਦਲ

09/18/2019 11:29:20 PM

ਚੰਡੀਗੜ੍ਹ,(ਅਸ਼ਵਨੀ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਅੰਤਰ-ਧਰਮ ਅਧਿਐਨ ਕੇਂਦਰ ਦੀ ਸਥਾਪਤੀ ਲਈ 67.75 ਕਰੋੜ ਰੁਪਏ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਖ-ਵੱਖ ਮੰਤਰਾਲਿਆਂ ਵਲੋਂ ਬਣਾਈਆਂ ਯੋਜਨਾਵਾਂ ਨੂੰ ਲਾਗੂ ਕੀਤੇ ਜਾਣ ਸੰਬੰਧੀ ਵੱਖ ਵੱਖ ਮੰਤਰਾਲਿਆਂ ਦੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਗੱਲ ਦਾ ਖੁਲਾਸਾ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਲਈ 67.75 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਐਚਆਰਡੀ ਮੰਤਰਾਲੇ ਨੂੰ ਗਰਾਂਟ ਜਾਰੀ ਕਰਨ ਦੀ ਤਾਰੀਕ ਅਤੇ ਅੰਤਰ ਧਰਮ ਅਧਿਐਨ ਕੇਂਦਰ ਦੇ ਉਦਘਾਟਨ ਬਾਰੇ ਸੂਚਨਾ ਦੇਣ ਲਈ ਕਿਹਾ ਜਾ ਚੁੱਕਿਆ ਹੈ।

ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਯੂਨਾਈਟਿਡ ਕਿੰਗਡਮ ਦੀ ਬਰਮਿੰਘਮ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਇਕ ਚੇਅਰ ਸਥਾਪਤ ਕਰਨ ਅਤੇ ਇਸ ਪ੍ਰਾਜੈਕਟ ਵਾਸਤੇ 85 ਫੀਸਦੀ ਫੰਡ ਦੇਣ ਲਈ ਸਹਿਮਤ ਹੋ ਗਈ ਹੈ। ਨੁੰਮਾਇਦਿਆਂ ਨੇ ਇਹ ਵੀ ਦੱਸਿਆ ਕਿ ਇਸ ਮਕਸਦ ਵਾਸਤੇ ਵਿਦੇਸ਼ ਮੰਤਰਾਲੇ ਵਲੋਂ ਕੈਨੇਡਾ ਅੰਦਰ ਯੂਨੀਵਰਸਿਟੀ ਦੀ ਚੋਣ ਦਾ ਫੈਸਲਾ ਅੰਤਿਮ ਪੜਾਅ 'ਚ ਪਹੁੰਚ ਗਿਆ ਹੈ ਅਤੇ ਮੌਂਟਰੀਅਲ ਦੀ ਕੋਨਕੋਰਡੀਆ ਯੂਨੀਵਰਸਿਟੀ ਨਾਲ ਇਸ ਸਬੰਧੀ ਗੰਲਬਾਤ ਚੱਲ ਰਹੀ ਹੈ।