ਪਾਕਿਸਤਾਨ ''ਚ ਸ੍ਰੀ ਗੁਰੂ ਨਾਨਕ ਦੇਵ ''ਵਰਸਿਟੀ ਸਥਾਪਤ ਕੀਤੇ ਜਾਣ ਦਾ ਫੈਸਲਾ ਸ਼ਲਾਘਾਯੋਗ  : ਪ੍ਰੋ. ਬਡੂੰਗਰ

Saturday, Mar 31, 2018 - 12:24 PM (IST)

ਪਟਿਆਲਾ (ਜੋਸਨ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕੀਤੇ ਜਾਣ ਦੇ ਫੈਸਲੇ ਦੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ਼ਲਾਘਾ ਕੀਤੀ। ਪ੍ਰੋ. ਬਡੂੰਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐੈੱਸ. ਐੈੱਸ. ਟੀ. ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ ਚੱਲੇ ਰਹੇ ਨਿਰਮਾਣ ਕਾਰਜਾਂ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਨ ਮੌਕੇ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। 
ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕੀਤੇ ਜਾਣ ਦੀ ਮੰਗ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਕੋਲ ਉਠਾਈ ਸੀ। 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਚਿੱਠੀ-ਪੱਤਰਾਂ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਰਾਜ ਮੰਤਰੀ ਨੂੰ ਵਾਰ-ਵਾਰ ਯੂਨੀਵਰਸਿਟੀ ਸਥਾਪਤ ਕੀਤੇ ਜਾਣ ਦੀ ਜ਼ੋਰਦਾਰ ਢੰਗ ਨਾਲ ਮੰਗ ਉਠਾਈ ਗਈ ਸੀ।
ਉਨ੍ਹਾਂ ਕਿਹਾ ਕਿ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਸਥਾਪਤ ਕੀਤੇ ਜਾਣ ਨਾਲ ਜਿੱਥੇ ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਉਹ ਪਾਕਿ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਤੇ ਐੈੱਮ. ਐੈੱਨ. ਏ. ਡਾ. ਸਿਰਚਰਾ ਮਨਸਬ ਅਲੀ ਖਾਂ ਦਾ ਧੰਨਵਾਦ ਕਰਦੇ ਹਨ ਅਤੇ ਫੈਸਲੇ ਦੀ ਸ਼ਲਾਘਾ ਕਰਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਭਜਨ ਸਿੰਘ, ਰਵਿੰਦਰ ਸਿੰਘ ਵਿੰਦਾ, ਗੁਰਚਰਨ ਸਿੰਘ ਕੋਹਲੀ, ਸੇਵਾ ਸਿੰਘ ਵਿਰਕੂ ਆਦਿ ਹਾਜ਼ਰ ਸਨ।


Related News