ਥਰਮਲ ਪਲਾਂਟ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
Saturday, Nov 04, 2017 - 10:03 AM (IST)

ਬਠਿੰਡਾ (ਪਰਮਿੰਦਰ)-ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਖਿਲਾਫ ਥਰਮਲ ਪਲਾਂਟ ਮੁਲਾਜ਼ਮਾਂ ਨੇ ਇੰਪਲਾਈਜ਼ ਤਾਲਮੇਲ ਕਮੇਟੀ ਦੀ ਅਗਵਾਈ 'ਚ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐੱਨ. ਐੱਫ. ਐੱਲ. ਦੇ ਮੁਲਾਜ਼ਮਾਂ ਅਤੇ 'ਆਪ' ਦੇ ਭੁੱਚੋ ਦੇ ਉਮੀਦਵਾਰ ਰਹੇ ਮਾਸਟਰ ਜਗਸੀਰ ਸਿੰਘ ਨੇ ਵੀ ਸ਼ਿਰਕਤ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਥਰਮਲ ਪਲਾਂਟਾਂ ਨੂੰ ਬੰਦ ਕਰਨਾ ਇਕ ਮੁਲਾਜ਼ਮ ਵਿਰੋਧੀ ਫੈਸਲਾ ਹੈ। ਇਹੀ ਨਹੀਂ, ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ ਨਾਲ ਬਿਜਲੀ ਵੀ ਮਹਿੰਗੀ ਹੋ ਜਾਵੇਗੀ, ਜਿਸ ਨਾਲ ਲੱਖਾਂ ਖਪਤਕਾਰਾਂ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਦੱਸਿਆ ਕਿ 4 ਨਵੰਬਰ ਨੂੰ ਸ਼ਹਿਰ ਵਿਚ ਇਕ ਰੋਸ ਮਾਰਚ ਕੀਤਾ ਜਾਵੇਗਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਵਿਚ ਜਾ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਇਲਾਵਾ ਗੁਰੂਘਰਾਂ ਵਿਚ ਥਰਮਲ ਪਲਾਂਟਾਂ ਨੂੰ ਚਾਲੂ ਰੱਖਣ ਲਈ ਅਰਦਾਸਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਪ੍ਰਕਾਸ਼ ਸਿੰਘ, ਗੁਰਸੇਵਕ ਸਿੰਘ, ਅਸ਼ਵਨੀ ਕੁਮਾਰ, ਰੂਪ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਸੁਖਵਿੰਦਰ ਸਿੰਘ, ਦੂਧਨਾਥ, ਸੰਪੂਰਣ ਸਿੰਘ ਤੇ ਰੇਸ਼ਮ ਸਿੰਘ ਆਦਿ ਨੇ ਸੰਬੋਧਨ ਕੀਤਾ।