ਥਰਮਲ ਮੋਰਚਾ : ਸਰਕਾਰ ਦੇ ਸਾਰੇ ਵਿਧਾਇਕਾਂ, ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ
Monday, Feb 12, 2018 - 10:29 AM (IST)
ਬਠਿੰਡਾ (ਸੁਖਵਿੰਦਰ)-ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿਚ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਮਿੰਨੀ ਸੈਕਟਰੀਏਟ ਦੇ ਸਾਹਮਣੇ ਲਾਇਆ ਗਿਆ ਧਰਨਾ 42ਵੇਂ ਦਿਨ ਵੀ ਜਾਰੀ ਰਿਹਾ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ 27 ਫਰਵਰੀ ਦੀ ਮੀਟਿੰਗ ਵਿਚ ਉਨ੍ਹਾਂ ਦੇ ਮਸਲੇ ਦਾ ਹੱਲ ਨਾ ਕੱਢਿਆ ਗਿਆ ਤਾਂ ਬਠਿੰਡਾ ਆਉਣ ਵਾਲੇ ਸਰਕਾਰ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਹੋਰ ਪ੍ਰਤੀਨਿਧੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਮੋਰਚਾ ਕਮੇਟੀ ਮੈਂਬਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜਦ ਤੱਕ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਨਹੀਂ ਕਰਦੀ ਤਦ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੀਡੀਆ ਵਿਚ ਗੁੰਮਰਾਹ ਕਰਨ ਵਾਲੀ ਬਿਆਨਬਾਜ਼ੀ ਕਰ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਗੁਰਵਿੰਦਰ ਸਿੰਘ ਪੁਨੂੰ, ਵਿਜੇ ਕੁਮਾਰ ਆਦਿ ਨੇ ਦੱਸਿਆ ਕਿ ਸਰਕਾਰ ਲਗਾਤਾਰ ਮੁਲਾਜ਼ਮਾਂ ਨੂੰ ਬੇਰੁਜ਼ਗਾਰ ਕਰਨ ਵਿਚ ਲੱਗੀ ਹੋਈ ਹੈ ਜਦਕਿ ਚੋਣਾਂ ਵਿਚ ਪਹਿਲਾਂ ਕਾਂਗਰਸ ਘਰ-ਘਰ ਨੌਕਰੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਸੀ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬਿੰਦਰ ਸਿੰਘ ਜੈਦ, ਗੁਰਜੀਤ ਸਿੰਘ ਜੈਦ, ਰਾਜਵਿੰਦਰ ਸਿੰਘ, ਡੀ. ਟੀ. ਐੱਫ. ਤੋਂ ਗੁਰਮੁਖ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਮੇਟੀ ਮੈਂਬਰ ਕਰਮਜੀਤ ਸਿੰਘ, ਗਗਨਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
