ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਪਟਨ ਦੀ ਮੋਦੀ ਨੂੰ ਚਿੱਠੀ

Monday, Jan 13, 2020 - 06:56 PM (IST)

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਪਟਨ ਦੀ ਮੋਦੀ ਨੂੰ ਚਿੱਠੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਕਮੇਟੀ ਦਾ ਗਠਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕਾਇਮ ਕੀਤੀ ਕਮੇਟੀ ਦੀ ਲੀਹ 'ਤੇ ਕਰਨ ਲਈ ਆਖਿਆ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ 'ਤੇ ਮਨਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਅਪ੍ਰੈਲ, 2020 ਤੋਂ ਸ਼ੁਰੂ ਹੋਣ ਵਾਲੇ ਲੜੀਵਾਰ ਸਮਾਗਮ ਸਾਲ ਭਰ ਚੱਲਣਗੇ। ਮੁੱਖ ਮੰਤਰੀ ਨੇ ਮੋਦੀ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਨ ਪ੍ਰਕਾਸ਼ ਪੁਰਬ ਦੀ ਯਾਦ ਵਿਚ ਇਕ ਵਿਸਥਾਰਤ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ ਜੋ ਛੇਤੀ ਹੀ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅਪ੍ਰੈਲ, 2021 ਵਿਚ ਆ ਰਿਹਾ 400ਵਾਂ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਭਾਗਾਂ ਭਰਿਆ ਮੌਕਾ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਇਤਿਹਾਸ ਵਿਚ ਗੁਰੂ ਸਾਹਿਬ ਜੀ ਦਾ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਜਿਸ ਕਰਕੇ ਆਪ ਜੀ ਨੂੰ 'ਹਿੰਦ ਦੀ ਚਾਦਰ' ਵਜੋਂ ਵੀ ਪੁਕਾਰਿਆ ਜਾਂਦਾ ਹੈ। ਲਿਹਾਜ਼ਾ ਉਨ੍ਹਾਂ ਦਾ 400ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।


author

Gurminder Singh

Content Editor

Related News