ਸ਼ਰਧਾ ਪੂਰਵਕ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ
Saturday, Dec 19, 2020 - 05:43 PM (IST)
ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)— ਹਿੰਦ ਦੀ ਚਾਦਰ ਅਤੇ ਤਿਲਕ ਜੰਜੂ ਦੇ ਰਾਖੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ਾਂ-ਵਿਦੇਸ਼ਾਂ ’ਚੋਂ ਸੰਗਤਾਂ ਜਿੱਥੇ ਗੁਰੂ ਘਰਾਂ ’ਚ ਨਤਮਸਤਕ ਹੋ ਰਹੀਆਂ, ਉਥੇ ਹੀ ਇਸ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਮੌਕੇ ਵੱਖ-ਵੱਖ ਸਥਾਨਾਂ ’ਤੇ ਨਗਰ ਕੀਰਤਨ ਵੀ ਸਜਾਏ ਗਏ।
ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਤੋਂ ਬੀ ਇਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜੋ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਇਕ ਪਾਸੇ ਜਿੱਥੇ ਫੁੱਲਾਂ ਨਾਲ ਸਜਾਈ ਹੋਈ ਖੂਬਸੂਰਤ ਪਾਲਕੀ ਸਾਹਿਬ ’ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਸ਼ੋਭਿਤ ਕੀਤੇ ਗਏ, ਉਥੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪੜਾਅ ਦਰ ਪੜਾਅ ਅੱਗੇ ਵਧਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਗਰ ਕੀਰਤਨ ਦੌਰਾਨ ਗੱਲਬਾਤ ਕਰਦੇ ਕਿਹਾ ਕਿ ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਉਸ ਸਮੇਂ ਹਿੰਦੂ ਧਰਮ ਦੀ ਰਾਖੀ ਦੇ ਲਈ ਦਿੱਲੀ ’ਚ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ’ਚ ਅਜਿਹੀ ਕੋਈ ਉਦਾਹਰਣ ਨਹੀਂ ਹੈ, ਜਿੱਥੇ ਕਿਸੇ ਨੇ ਕਿਸੇ ਦੂਜੇ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਅੱਜ ਉਸ ਮਹਾਨ ਗੁਰੂ ਦੀ ਯਾਦ ਵਿੱਚ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ।