ਗੁ. ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ''ਚ ਸੰਗਤਾਂ ਹੋਈਆਂ ਨਤਮਸਤਕ

11/07/2019 4:20:24 PM

ਸੁਲਤਾਨਪੁਰ ਲੋਧੀ (ਸੋਢੀ) : ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਮਾਗਮਾਂ ਅਧੀਨ ਲੱਖਾਂ ਦੀ ਗਿਣਤੀ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ 'ਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ-ਰੇਖਾ ਅਧੀਨ ਸਮਾਗਮਾਂ ਦੀ ਆਰੰਭਤਾ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਵਲੋਂ ਆਸਾ ਦੀ ਵਾਰ ਦੇ ਕੀਰਤਨ ਨਾਲ ਹੋਈ। ਉਪਰੰਤ ਦਿਨ ਦੇ ਦੀਵਾਨ 'ਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ, ਨਾਂਦੇੜ ਦੇ ਹਜ਼ੂਰੀ ਰਾਗੀ ਭਾਈ ਵੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਹਜ਼ੂਰੀ ਰਾਗੀ ਭਾਈ ਸੁਖਚੈਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਨੇ ਗੁਰਸ਼ਬਦ ਵਿਚਾਰ ਰਾਹੀਂ ਸੰਗਤਾਂ ਨਾਲ ਸਾਂਝ ਪਾਈ।

ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਜਾ ਰਹੀ ਸੁੰਦਰ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਦੱਸਿਆ ਕਿ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਹੋਰ ਸੇਵਾਵਾਂ ਪ੍ਰਤੀ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।


Anuradha

Content Editor

Related News