ਗੁਰੂਹਰਸਹਾਏ : ਨਾਮਜ਼ਦਗੀ ਦਾਖ਼ਲ ਕਰਨ ਆਏ ਅਕਾਲੀ ਆਗੂਆਂ ਨੂੰ ਪੁਲਸ ਪ੍ਰਸ਼ਾਸਨ ਨੇ ਰੋਕਿਆ

02/01/2021 3:42:33 PM

ਗੁਰੂਹਰਸਹਾਏ (ਮਨਜੀਤ) - ਗੁਰੂਹਰਸਹਾਏ ਅੰਦਰ ਅੱਜ ਅਕਾਲੀ ਆਗੂਆਂ ਨੂੰ ਪੁਲਸ ਪ੍ਰਸ਼ਾਸਨ ਨੇ ਉਸ ਸਮੇਂ ਰੋਕ ਲਿਆ, ਜਦੋਂ ਉਹ ਚੋਣਾਂ ਲਈ ਨਾਮਜ਼ਦਗੀਆਂ ਭਰਨ ਆ ਰਹੇ ਸਨ। ਇਸ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਦੇ ਬਾਹਰਲੇ ਗੇਟ ’ਤੇ ਕਾਂਗਰਸੀਆਂ ਦਾ ਕਬਜ਼ਾ ਰਿਹਾ ਅਤੇ ਨਗਰ ਕੌਂਸਲ ਅੰਦਰ ਕੁਝ ਪੱਤਰਕਾਰ ਫਾਇਲਾਂ ਭਰਨ ਆਏ ਸਨ, ਉੱਥੇ ਵੀ ਕਾਂਗਰਸ ਦੇ ਵਿਅਕਤੀਆਂ ਨੇ ਪੱਤਰਕਾਰਾਂ ਤੋਂ ਫਾਈਲਾਂ ਖੋਹ ਲਈਆਂ। ਇਸ ਮੌਕੇ ਪੁਲਸ ਪ੍ਰਸ਼ਾਸਨ ਮੂਕ ਦਰਸ਼ਕ ਬਣੀ ਰਹੀ।

ਦੱਸ ਦੇਈਏ ਕਿ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਹ ਚੋਣਾਂ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ ਦੇ ਸਾਰੇ ਚੋਣ ਹਲਕਿਆਂ ਵਿਚ ‘ਆਦਰਸ਼ ਚੋਣ ਜ਼ਾਬਤਾ’ ਲਾਗੂ ਹੋ ਗਿਆ ਹੈ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ਼ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। 

ਇਸ ਤੋਂ ਇਲਾਵਾ ਵੋਟਾਂ ਪੈਣ ਦਾ ਕੰਮ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐੱਸ./ਪੀ.ਸੀ.ਐੱਸ. ਨੂੰ ਚੋਣ ਅਬਜ਼ਰਵਰ ਅਤੇ 6 ਆਈ.ਪੀ.ਐੱਸ. ਅਧਿਕਾਰੀਆਂ ਨੂੰ ਪੁਲਸ ਆਬਜ਼ਰਵਰ ਲਗਾਇਆ ਗਿਆ ਹੈ।


rajwinder kaur

Content Editor

Related News