ਸਾਬਕਾ ਕਾਂਗਰਸੀ ਨੇਤਾ ਬਾਲੀ ਨੇ 10 ਦਿਨ ਬਾਅਦ ਛੱਡਿਆ ਅਕਾਲੀ ਦਲ

05/04/2019 2:46:25 PM

ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਸਾਬਕਾ ਕਾਂਗਰਸੀ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ 10 ਦਿਨ ਬਾਅਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ। ਜ਼ਿਕਰਯੋਗ ਹੈ ਕਿ ਬਾਲੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਸਨ ਪਰ ਮਨੀਸ਼ ਤਿਵਾੜੀ ਨੂੰ ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੁੱਲ੍ਹੇਆਮ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ 'ਚੋਂ ਬਰਖਾਸਤ ਕਰ ਦਿੱਤਾ ਗਿਆ ਸੀ। 22 ਅਪ੍ਰੈਲ ਨੂੰ ਬਾਲੀ ਅਕਾਲੀ ਦਲ 'ਚ ਸ਼ਾਮਲ ਹੋਏ ਸਨ ਪਰ 10 ਦਿਨਾਂ 'ਚ ਹੀ ਉਨ੍ਹਾਂ ਦਾ ਅਕਾਲੀ ਦਲ ਤੋਂ ਮੋਹ ਭੰਗ ਹੋ ਗਿਆ। ਉਨ੍ਹਾਂ ਨੇ ਅਚਾਨਕ ਹੀ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਬਾਲੀ ਨੇ ਅਕਾਲੀ ਦਲ ਤੋਂ ਅਸਤੀਫਾ ਦੇਣ ਬਾਰੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਪਸ 'ਚ ਮਿਲੇ ਹੋਏ ਹਨ ਅਤੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਬੋਲਣ ਦਾ ਮੌਕਾ ਹੀ ਨਹੀਂ ਦਿੱਤਾ ਜਾ ਰਿਹਾ।

ਉਹ ਸਿਰਫ ਇਕ ਵਾਰ ਅਕਾਲੀ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਭਾ 'ਚ ਗਏ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੁੱਲ੍ਹ ਕੇ ਬੋਲੇ ਸਨ ਪਰ ਉਸ ਦੇ ਬਾਅਦ ਅੱਜ ਤੱਕ ਉਨ੍ਹਾਂ ਨੂੰ ਅਕਾਲੀ ਦਲ ਦੀ ਕਿਸੇ ਰੈਲੀ 'ਚ ਬੋਲਣ ਲਈ ਬੁਲਾਇਆ ਹੀ ਨਹੀਂ ਗਿਆ, ਜਿਸ ਕਾਰਨ ਉਹ ਨਿਰਾਸ਼ ਹੋ ਗਏ। ਉਨ੍ਹਾਂ ਕਿਹਾ ਕਿ ਉਹ ਕਾਂਗਰਸ 'ਚ ਵੀ ਵਾਪਸ ਨਹੀਂ ਜਾ ਰਹੇ ਅਤੇ ਨਾ ਹੀ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਦਾ ਵਿਚਾਰ ਹੈ ਪਰ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਵਿਚਾਰ ਰੱਖਣ ਦੀ ਕੋਸ਼ਿਸ਼ ਕਰਦੇ ਰਹਿਣਗੇ।
ਦੱਸਣਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾਲ ਮਿਲਣ ਕਾਰਨ ਪਾਰਟੀ ਤੋਂ ਬਾਗੀ ਹੋਏ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੂੰ ਹਾਈਕਮਾਨ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢ ਦਿੱਤਾ ਹੈ। ਹਾਲਾਂਕਿ ਬਾਲੀ ਦਾ ਕਹਿਣਾ ਸੀ ਕਿ ਉਹ ਪਹਿਲਾਂ ਹੀ ਕਾਂਗਰਸ 'ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਸਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਇਸ ਫੈਸਲੇ ਨਾਲ ਕੋਈ ਫਰਕ ਨਹੀਂ ਪੈਂਦਾ ਹੈ। 


Anuradha

Content Editor

Related News