ਫੂਲਕਾ ਦੇ ਅਸਤੀਫੇ ਨਾਲ ਸਿੱਖ ਦੰਗਾ ਪੀੜਤਾਂ ਨੂੰ ਕੋਈ ਲਾਭ ਨਹੀਂ ਹੋਣਾ : ਸਿਰਸਾ
Tuesday, Jul 11, 2017 - 10:36 AM (IST)
ਚੰਡੀਗੜ੍ਹ (ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪੰਜਾਬ ਵਿਚ ਵਿਰੋਧੀ ਧਿਰ ਦੇ ਆਗੂ ਐੱਚ. ਐੱਸ. ਫੂਲਕਾ ਨੂੰ 1984 ਦੇ ਸਿੱਖ ਦੰਗਾ ਪੀੜਤ ਕੇਸ ਲੜਨ ਵਾਸਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਦੇਣ ਦਾ ਡਰਾਮਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਅਸਤੀਫੇ ਦਾ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਲਾਭ ਨਹੀਂ ਮਿਲਣ ਵਾਲਾ। ਉਨ੍ਹਾਂ ਕਿਹਾ ਕਿ ਉਲਟਾ ਫੂਲਕਾ ਨੂੰ ਆਪਣੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨ੍ਹਾਂ ਪਰਿਵਾਰਾਂ ਦੀ ਭਲਾਈ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਲਈ ਰਾਜ਼ੀ ਕਰਨਾ ਚਾਹੀਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਜੇਕਰ 'ਆਪ' ਪਾਰਟੀ ਇਨ੍ਹਾਂ ਪੀੜਤਾਂ ਤੇ ਪਰਿਵਾਰਾਂ ਨੂੰ ਮਦਦ ਕਰਨ ਵਾਸਤੇ ਸੰਜੀਦਾ ਹੈ ਤਾਂ ਫਿਰ 'ਆਪ' ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨੂੰ ਇਕ ਮੈਂਬਰ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਤੁਰੰਤ ਨੌਕਰੀਆਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤੇ 'ਆਪ' ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਸਰਕਾਰ ਵੱਲੋਂ ਅਲਾਟ ਕੀਤੇ ਫਲੈਟ ਤੇ ਮਕਾਨਾਂ ਦੀ ਮਾਲਕੀ ਦਾ ਅਧਿਕਾਰ ਤੁਰੰਤ ਪ੍ਰਦਾਨ ਕਰੇ। 'ਆਪ' ਲੀਡਰਸ਼ਿਪ 'ਤੇ ਵਰ੍ਹਦਿਆਂ ਸਿਰਸਾ ਨੇ ਕਿਹਾ ਕਿ ਇਨ੍ਹਾਂ ਦੀ ਸੰਜੀਦਗੀ ਤਾਂ ਇਨ੍ਹਾਂ ਵੱਲੋਂ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਗਠਿਤ ਕਰਨ ਵੇਲੇ ਹੀ ਲੋਕਾਂ ਦੇ ਸਾਹਮਣੇ ਆ ਗਈ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਤਾਂ ਕੀ ਕਰਨੀ ਹੈ, ਉਲਟਾ ਕੇਜਰੀਵਾਲ ਦੀਆਂ ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨਾਲ ਤਸਵੀਰਾਂ ਜ਼ਰੂਰ ਸਾਹਮਣੇ ਆਈਆਂ ਹਨ।
