ਮੰਤਰੀ ਹਰਭਜਨ ਸਿੰਘ ਨੇ ਚੁੱਕਿਆ ਸੂਬਿਆਂ ਵੱਲੋਂ ਵਾਟਰ ਸੈੱਸ ਵਸੂਲਣ ਦਾ ਮੁੱਦਾ, ਕਹੀ ਇਹ ਗੱਲ

Tuesday, Nov 07, 2023 - 08:10 PM (IST)

ਮੰਤਰੀ ਹਰਭਜਨ ਸਿੰਘ ਨੇ ਚੁੱਕਿਆ ਸੂਬਿਆਂ ਵੱਲੋਂ ਵਾਟਰ ਸੈੱਸ ਵਸੂਲਣ ਦਾ ਮੁੱਦਾ, ਕਹੀ ਇਹ ਗੱਲ

ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਸੂਬਿਆਂ ਵੱਲੋਂ ਇਹ ਤਰਕਹੀਣ ਸੈੱਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਨਵੀਂ ਦਿੱਲੀ 'ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਦਿਨਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ-ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜ਼ਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ : ਨਿਗਮ ਕਮਿਸ਼ਨਰ ਨੇ ਜ਼ੋਨਲ ਕਮਿਸ਼ਨਰਾਂ ਨੂੰ ਦਿੱਤੇ ਆਦੇਸ਼, ਫੀਲਡ 'ਚ ਜਾ ਕੇ ਕੀਤਾ ਜਾਵੇ ਸਫ਼ਾਈ ਕਾਰਜਾਂ ਦਾ ਮੁਆਇਨਾ

ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਾਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਦਾਰ ਸੂਬਿਆਂ ਦਾ ਸਮਰਥਨ ਕਰੇਗਾ।

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ 'ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾਅ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰੱਥਾ 'ਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ। ਇਸ ਮੌਕੇ ਪੀ.ਐੱਸ.ਪੀ.ਸੀ.ਐੱਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐੱਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News