ਕਾਲੇ ਕਾਨੂੰਨ ਰੱਦ ਨਾ ਹੋਣ ਤੱਕ ਹੈਰੀਮਾਨ ਵੱਲੋਂ ਚੋਣ ਪ੍ਰਚਾਰ ਨਾ ਕਰਨ ਦਾ ਵਚਨ ਹੋਇਆ ਪੂਰਾ

Monday, Nov 22, 2021 - 10:31 AM (IST)

ਪਟਿਆਲਾ (ਜੋਸਨ) : ਸਨੌਰ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਸੰਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕੀਤਾ। ਹਾਲਾਂਕਿ ਇਸ ਸੰਘਰਸ਼ ’ਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਹਰਿੰਦਰਪਾਲ ਸਿੰਘ ਹੈਰੀਮਾਨ ਪੰਜਾਬ ਦੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਇਹ ਐਲਾਨ ਕੀਤਾ ਸੀ ਕਿ ਜਦੋਂ ਤੱਕ ਕਿਸਾਨੀ ਸੰਘਰਸ਼ ਖ਼ਤਮ ਨਹੀਂ ਹੁੰਦਾ, ਉਦੋਂ ਤੱਕ ਉਹ ਕੋਈ ਵੀ ਚੋਣ ਪ੍ਰਚਾਰ ਨਹੀਂ ਕਰਨਗੇ। ਕਿਸਾਨੀ ਅੰਦੋਲਨ ’ਚ ਹਲਕਾ ਸਨੌਰ ਦੇ 21 ਕਿਸਾਨ ਸ਼ਹੀਦ ਹੋ ਚੁੱਕੇ ਹਨ। ਹੈਰੀਮਾਨ ਨੇ ਇਸ ਦੌਰਾਨ ਪਰਿਵਾਰਾਂ ਦੀ ਮਦਦ ਵਾਸਤੇ ਵੱਧ-ਚੜ੍ਹ ਕੇ ਹਿੱਸਾ ਪਾਇਆ।

ਕਿਸਾਨ ਵਿਰੋਧ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਹੈਰੀਮਾਨ ਵੱਲੋਂ ਦਿੱਤਾ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ। ਕਿਸਾਨੀ ਸੰਘਰਸ਼ ਦੌਰਾਨ ਆਪਣੀ ਜਾਇਦਾਦ ਗੁਆਉਣ ਵਾਲੇ ਕਿਸਾਨਾਂ ਨੂੰ ਮੁਫ਼ਤ ਉਪਕਰਨ ਅਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ। ਪਿੰਡ ਸਫੈੜਾ, ਦੌਣ ਕਲਾਂ ਅਤੇ ਪਿੰਡ ਨੋਗਾਵਾ ਵਿਖੇ ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਹੈਰੀਮਾਨ ਵੱਲੋਂ ਕਿਸਾਨ ਭਵਨ ਬਣਾਏ ਗਏ।

ਹੈਰੀਮਾਨ ਨੇ ਸਮੂਹ ਕਿਸਾਨ ਜੱਥੇਬੰਦੀਆਂ ਨੂੰ ਤਿੰਨ ਖੇਤੀ ਕਾਲੇ ਕਾਨੂੰਨਾਂ ਰੱਦ ਕਰਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ, ਜੋ ਪਿਛਲੇ ਕਰੀਬ ਇੱਕ ਸਾਲ ਤੋਂ ਉੱਪਰ ਅਨੇਕਾਂ ਔਕੜਾਂ ਸਹਿ ਕੇ ਵੀ ਅੰਦੋਲਨ ’ਚ ਡਟੇ ਰਹੇ। ਉਨ੍ਹਾਂ ਕਿਹਾ ਕਿ ਉਹ ਅਤੇ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਸਨ ਅਤੇ ਹਮੇਸ਼ਾ ਖੜ੍ਹੇ ਰਹਿਣਗੇ ਅਤੇ ਐਲਾਨ ਕੀਤਾ ਕਿ ਜਦੋਂ ਕਿਸਾਨ ਇਸ ਵੱਡੀ ਇਤਿਹਾਸਿਕ ਜਿੱਤ ਤੋਂ ਬਾਅਦ ਪੰਜਾਬ ਵਾਪਸ ਪਰਤਣਗੇ ਤਾਂ ਸਾਰੇ ਹਲਕੇ ਸਨੌਰ ਵੱਲੋਂ ਅਸੀ ਸ਼ੰਭੂ ਬਾਰਡਰ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਜਾਵਾਂਗੇ।


Babita

Content Editor

Related News