ਕੌਮੀ ਇਨਸਾਫ਼ ਮੋਰਚੇ ’ਚ ਹੋਏ ਹਮਲੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਵੱਡਾ ਬਿਆਨ
Wednesday, Jan 18, 2023 - 06:36 PM (IST)
ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਦੌਰਾਨ ਗੱਡੀ ’ਤੇ ਹੋਏ ਹਮਲੇ ’ਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਧਾਮੀ ਨੇ ਆਖਿਆ ਹੈ ਕਿ ਉਹ ਮੋਰਚੇ ਦੇ ਸੱਦੇ ’ਤੇ ਹੀ ਧਰਨੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁਝ ਲੋਕਾਂ ਨੇ ਹੁੱਲੜਬਾਜ਼ੀ ਕਰਦੇ ਹੋਏ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ। ਧਾਮੀ ਨੇ ਕਿਹਾ ਕਿ ਉਨ੍ਹਾਂ ਨਾਲ ਵੀ ਸੁਰੱਖਿਆ ਸੀ ਪਰ ਉਹ ਹਿੰਸਾ ਵਿਚ ਵਿਸ਼ਵਾਸ ਨਹੀਂ ਰੱਖਦੇ ਹਨ। ਉਹ ਅੱਜ ਵੀ ਧਰਨੇ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੇ ਅਹਿਮ ਮੁੰਦਿਆਂ ’ਤੇ ਕੋਈ ਕਾਰਜ ਕਰਨ ਲੱਗਦੀ ਹੈ ਤਾਂ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗੱਡੀ ਦਾ ਅਗਲਾ ਅਤੇ ਪਿੱਛਲਾ ਸ਼ੀਸ਼ਾ ਤੋੜ ਦਿੱਤਾ ਗਿਆ। ਅਜਿਹੀਆਂ ਕਾਰਵਾਈਆਂ ਅੱਜ ਸਿੱਖਾਂ ਲਈ ਵੱਡੀ ਚੁਣੌਤੀ ਹਨ। ਜੇ ਮੋਰਚੇ ਵਿਚ ਆਏ ਆਗੂਆਂ ਨੂੰ ਇਸ ਤਰ੍ਹਾਂ ਹੀ ਜਲੀਲ ਕੀਤਾ ਜਾਂਦਾ ਰਿਹਾ ਤਾਂ ਧਰਨੇ ਦਾ ਸਮਰਥਨ ਕੌਣ ਕਰੇਗਾ। ਅਸੀਂ ਹਿੰਸਕ ਗੱਲਾਂ ਵਿਚ ਯਕੀਨ ਨਹੀਂ ਰੱਖਦੇ। ਅਸੀਂ ਸੰਘਰਸ਼ਾਂ ’ਚੋਂ ਨਿਕਲ ਕੇ ਆਏ ਹੋਏ ਆਗੂ ਹਾਂ। ਇਸ ਦੌਰਾਨ ਧਾਮੀ ਨੇ ਮਾੜੇ ਅਨਸਰਾਂ ਨੂੰ ਅਜਿਹੀਆਂ ਹਰਕਤਾਂ ਨਾ ਕਰਨ ਦੀ ਤਾੜਨਾ ਵੀ ਕੀਤੀ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਵਲੋਂ ਇਕ ਦਸਤਖਤ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਫਿਰ ਐੱਸ. ਜੀ. ਪੀ.ਸੀ. ਦੇ ਵਫਦ ਵਲੋਂ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮਨਪ੍ਰੀਤ ਬਾਦਲ ਭਾਜਪਾ ਵਿਚ ਸ਼ਾਮਲ
ਕੌਮੀ ਇਨਸਾਫ਼ ਮੋਰਚੇ ’ਚ ਸ਼ਿਰਕਤ ਦੌਰਾਨ ਹੋਇਆ ਹਮਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਅੱਜ ਉਸ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ ਜਦੋਂ ਉਹ ਚੰਡੀਗੜ੍ਹ-ਮੋਹਾਲੀ ਦੇ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਲਾੜੇ ਨੇ ਪੇਸ਼ ਕੀਤੀ ਮਿਸਾਲ, ਇੰਝ ਵਿਆਹੁਣ ਗਿਆ ਲਾੜੀ ਕਿ ਖੜ੍ਹ ਦੇਖਦੇ ਰਹਿ ਗਏ ਲੋਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।