ਭ੍ਰਿਸ਼ਟਾਚਾਰ, ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਬੈਂਸ

05/15/2022 4:14:32 PM

ਚੰਡੀਗੜ੍ਹ/ਲੁਧਿਆਣਾ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਬੈਂਸ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸਾਰੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਅਸ਼ੋਕ ਪਰਾਸਰ ਪੱਪੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਰਜਿੰਦਰਪਾਲ ਕੌਰ ਛੀਨਾ, ਤਰੁਨਪ੍ਰੀਤ ਸਿੰਘ ਸੌਂਦ, ਮਨਵਿੰਦਰ ਸਿੰਘ ਗਿਆਸਪੁਰਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਾਕਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।

ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸਹਿਰ ਦੇ ਨੌਘਰਾਂ ਮੁਹੱਲੇ ਵਿਚ ਆਪਣੇ ਜੱਦੀ ਘਰ ਵਿਚ ਹੋਇਆ। ਸ਼ਹੀਦ ਸੁਖਦੇਵ ਦੇਸ਼ ਦੇ ਉਨ੍ਹਾਂ ਮਹਾਨ ਯੋਧਿਆਂ ਵਿਚ ਇਕ ਸੀ, ਜਿਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ੍ਹਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜ਼ੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਨ੍ਹਾਂ ਲਾਲਾ ਲਾਜਪਤ ਰਾਏ ਵੱਲੋਂ ਸ਼ੁਰੂ ਕੀਤੇ ਗਏ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ‘ਨੌਜਵਾਨ ਭਾਰਤ ਸਭਾ’ ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨ੍ਹਾਂ ਸਾਰੇ ਸ਼ਹੀਦਾਂ ਦੀ ਯਾਦ ’ਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ। ਇਸ ਤੋ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਸੁਖਦੇਵ ਦੇ ਜੱਦੀ ਘਰ ਮੁਹੱਲਾ ਨੌਘਰਾਂ ਜਾ ਕੇ ਸ਼ਹੀਦ ਨੂੰ ਸਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਹਵਨ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ। ਇਸ ਉਪਰੰਤ ਬੈਂਸ ਨੂੰ ਲੁਧਿਆਣਾ ਪੁਲਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਵੀ ਗੁਰੂ ਨਾਨਕ ਦੇਵ ਭਵਨ ਵਿਖੇ ਦਿੱਤਾ ਗਿਆ।

Gurminder Singh

This news is Content Editor Gurminder Singh