ਪੰਜਾਬ ਸਰਕਾਰ ਵੱਲੋਂ ਰੇਤ ਤੇ ਬੱਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ : ਹਰਜੋਤ ਬੈਂਸ

Monday, Dec 19, 2022 - 05:24 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਨ ਦਾ ਅਹਿਦ ਲਿਆ ਸੀ ਅਤੇ ਅਜਿਹੇ ਬੇਈਮਾਨ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਰੇਤ ਅਤੇ ਬੱਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ, ਜਿੱਥੇ ਕਿ ਰੇਤ ਅਤੇ ਬੱਜਰੀ ਦੀ ਕੀਮਤ 28 ਰੁਪਏ ਪ੍ਰਤੀ ਘਣ ਫੁੱਟ ਰੱਖੀ ਗਈ ਹੈ।

ਇਹ ਵੀ ਪੜ੍ਹੋ : 'ਪਾਸਪੋਰਟ' ਬਣਵਾਉਣ ਦੇ ਮਾਮਲੇ 'ਚ ਪੰਜਾਬੀਆਂ ਨੇ ਵੱਡੇ-ਵੱਡੇ ਸੂਬਿਆਂ ਨੂੰ ਪਛਾੜਿਆ, ਪੂਰੇ ਦੇਸ਼ 'ਚੋਂ ਚੌਥੇ ਨੰਬਰ 'ਤੇ

ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤਾ-ਬੱਜਰੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ 'ਚ ਜਲਦ ਹੀ ਅਜਿਹਾ ਇੱਕ ਵਿਕਰੀ ਕੇਂਦਰ ਖੋਲ੍ਹਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪਹਿਲ ਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ 'ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ 'ਚ ਲਿਆ ਹੈ, ਮਾਈਨਿੰਗ ਮਾਫ਼ੀਆ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ 'ਚ ਡੱਕ ਦਿੱਤਾ ਗਿਆ ਹੈ ਅਤੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ 2 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਟਰੱਕ ਆਪਰੇਟਰ ਇਸ ਤਾਰੀਖ਼ ਨੂੰ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਉਣਗੇ ਅਣਮਿੱਥੇ ਸਮੇਂ ਦਾ ਧਰਨਾ

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 11 ਨਵੰਬਰ, 2022 ਨੂੰ ਸੂਬੇ 'ਚ ਸਾਰੀਆਂ ਮਾਈਨਿੰਗ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰੇਤ ਅਤੇ ਬੱਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨ ਬੱਧਤਾ ਨੂੰ ਧਿਆਨ 'ਚ ਰੱਖਦਿਆਂ  ਸੂਬੇ ਤੋਂ ਬਾਹਰੋਂ ਇਸ ਦਾ ਪ੍ਰਬੰਧ ਕੀਤਾ ਹੈ ਅਤੇ ਹੁਣ ਤੱਕ ਲੋਕਾਂ ਨੂੰ 90000 ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖਣਨ ਅਤੇ ਭੂ-ਵਿਗਿਆਨ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News