ਸੁਰਜੀਤ ਪਾਤਰ ਦੇ ਦੇਹਾਂਤ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਪ੍ਰਗਟਾਇਆ ਦੁੱਖ

Saturday, May 11, 2024 - 11:04 PM (IST)

ਸੁਰਜੀਤ ਪਾਤਰ ਦੇ ਦੇਹਾਂਤ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ’ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ। ਬੈਂਸ ਨੇ ਕਿਹਾ ਕਿ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ। 

ਬੈਂਸ ਨੇ ਕਿਹਾ ਕਿ ਪਾਤਰ ਦੀ ਨਿਮਰਤਾ, ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ, ਮਿੱਤਰ ਅਤੇ ਸਨੇਹੀਆਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਕਲਯੁੱਗੀ ਮਾਂ ਨੇ 3 ਸਾਲਾ ਮਾਸੂਮ ਬੱਚੀ ਨੂੰ ਜੰਗਲ 'ਚ ਛੱਡਿਆ, ਭੁੱਖ-ਪਿਆਸ ਕਾਰਨ ਹੋਈ ਦਰਦਨਾਕ ਮੌਤ

ਕੁਲਤਾਰ ਸਿੰਘ ਸੰਧਵਾਂ ਨੇ ਵੀ ਪ੍ਰਗਟਾਇਆ ਦੁੱਖ 
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ। ਸੰਧਵਾਂ ਨੇ ਕਿਹਾ ਕਿ ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਯਾਦ ਕੀਤਾ ਕਿ ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ’ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ ’ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News