ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼

02/22/2023 10:11:44 PM

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਦੇ ਸਰਕਾਰੀ ਸਕੂਲ 'ਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023 ਦਾ ਆਗਾਜ਼ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਿਹਗੜ੍ਹ ਸਾਹਿਬ ਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚ ਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ। ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸ਼ਾਨਦਾਰ ਬਣਾਉਣ ਵਾਸਤੇ ਯਤਨਸ਼ੀਲ ਹੈ।

ਇਹ ਵੀ ਪੜ੍ਹੋ : ਮੈਕਸੀਕੋ 'ਚ ਭਿਆਨਕ ਬੱਸ ਹਾਦਸਾ, 17 ਪ੍ਰਵਾਸੀਆਂ ਦੀ ਮੌਤ, 13 ਜ਼ਖ਼ਮੀ

ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਬਹਾਲ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਸਰਕਾਰ ਦਾ ਮਿਸ਼ਨ ਹੈ, ਜਿਸ ਦੀ ਪੂਰਤੀ ਵਾਸਤੇ ਦਾਖਲਾ ਮੁਹਿੰਮ-2023 ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਵੇਰਵੇ ਦਿੰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਸਿੱਖਿਆ ਵਿਭਾਗ ਵੱਲੋਂ ਮੋਬਾਇਲ ਵੈਨਾਂ ਰਾਹੀਂ ਦਾਖਲਾ ਮੁਹਿੰਮ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਵਾਸਤੇ 2 ਦਿਨ (ਵੱਡੇ ਜ਼ਿਲ੍ਹਿਆਂ ਵਿੱਚ 3 ਦਿਨ) ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿੱਚ ਮਾਪਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਸਮੇਤ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਵੱਖ-ਵੱਖ ਤਰ੍ਹਾਂ ਦੀ ਯੋਜਨਾਬੰਦੀ ਕੀਤੀ ਗਈ ਹੈ। ਬੈਂਸ ਨੇ ਉਮੀਦ ਜਤਾਈ ਕਿ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਨੂੰ ਮਜ਼ਬੂਤ ਕਰਨ ਵਾਸਤੇ ਸਮੂਹ ਅਧਿਆਪਕ, ਵਿਭਾਗੀ ਅਧਿਕਾਰੀ ਅਤੇ ਮਾਪੇ ਸਹਿਯੋਗ ਦੇਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh