ਪਾਣੀਆਂ ਦੀ ਰਾਖੀ ਸਬੰਧੀ ਮੋਰਚੇ ਨੂੰ ਪੰਜਾਬ ਦੇ ਹਰ ਵਰਗ ਤੋਂ ਪੂਰਨ ਸਮਰਥਨ ਮਿਲਿਆ : ਹਰਜੋਤ ਬੈਂਸ

Thursday, May 15, 2025 - 01:51 PM (IST)

ਪਾਣੀਆਂ ਦੀ ਰਾਖੀ ਸਬੰਧੀ ਮੋਰਚੇ ਨੂੰ ਪੰਜਾਬ ਦੇ ਹਰ ਵਰਗ ਤੋਂ ਪੂਰਨ ਸਮਰਥਨ ਮਿਲਿਆ : ਹਰਜੋਤ ਬੈਂਸ

ਚੰਡੀਗੜ੍ਹ/ਜਲੰਧਰ/ਨੰਗਲ (ਅੰਕੁਰ, ਧਵਨ)- ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਚੱਲ ਰਹੇ ਮੋਰਚੇ ਨੂੰ ਕੀਰਤਪੁਰ ਸਾਹਿਬ ਵਿਖੇ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀ ਲਾਲ ਚੰਦ ਕਟਾਰੂਚੱਕ ਨਾਲ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਵਿਖੇ ਲੱਗੇ ਧਰਨੇ ’ਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਕੀਰਤਪੁਰ ਸਾਹਿਬ ਵਿਖੇ 24 ਘੰਟੇ ਨਿਰੰਤਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਦੌਰਾਨ ਪੰਜਾਬ ਦੇ ਜਾਗਰੂਕ ਲੋਕ ਦਿਨ-ਰਾਤ ਧਰਨੇ 'ਤੇ ਬੈਠੇ ਰਹੇ ਜਦਕਿ ਹਾਲਾਤ ਦਾ ਫ਼ਾਇਦਾ ਉਠਾਉਂਦੇ ਹੋਏ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਹਮੇਸ਼ਾ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮੌਕੇ ਦੀ ਤਲਾਸ਼ ’ਚ ਰਹੇ ਤਾਂ ਜੋ ਉਹ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇ ਸਕਣ।

ਇਹ ਵੀ ਪੜ੍ਹੋ: Punjab: ਸਤਿਸੰਗ ਭਵਨ ਨੇੜੇ ਵੱਡਾ ਹਾਦਸਾ! ਕਾਰ ਦੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਚਾਰ ਵਾਰ ਨੰਗਲ ਡੈਮ ਦਾ ਦੌਰਾ ਕਰ ਚੁੱਕੇ ਹਨ, ਜੋਕਿ ਇਸ ਗੱਲ ਦਾ ਸਬੂਤ ਹੈ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਦੇ ਲੋਕ-ਪੱਖੀ ਸਟੈਂਡ ਨੂੰ ਸਿਆਸੀ ਸਟੰਟ ਦੱਸ ਰਹੀ ਵਿਰੋਧੀ ਧਿਰ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੀ ਕੀਤਾ ਹੈ। ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਸਰਕਾਰਾਂ ਬੀ. ਬੀ. ਐੱਮ. ਬੀ. ਨੂੰ ਪੰਜਾਬ ਵਿਰੁੱਧ ਵਰਤਣ ਲਈ ਗ਼ੈਰ-ਸੰਵਿਧਾਨਕ ਤਰੀਕੇ ਅਪਣਾ ਰਹੀਆਂ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਰਿੰਦਰ ਕੁਮਾਰ ਗੋਇਲ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ. ਟੀ. ਓ. ਨੇ ਵੀ ਨੰਗਲ ਡੈਮ ਵਿਖੇ ਧਰਨੇ ’ਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਮਨੁੱਖਤਾ ਦੇ ਆਧਾਰ 'ਤੇ ਹਰਿਆਣਾ ਨੂੰ ਪਾਣੀ ਦਿੱਤਾ ਹੈ ਪਰ ਜਦੋਂ ਹੁਣ ਸਾਡੇ ਕੋਲ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪਾਣੀ ਪੂਰਾ ਨਹੀਂ ਪੈ ਰਿਹਾ ਤਾਂ ਅਸੀਂ ਦੂਜੇ ਸੂਬਿਆਂ ਨੂੰ ਪਾਣੀ ਕਿਵੇਂ ਦੇ ਸਕਦੇ ਹਾਂ।

PunjabKesari

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਨਹੀਂ ਆਵੇਗੀ ਹੁਣ ਇਹ ਪਰੇਸ਼ਾਨੀ, ਨਵੇਂ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ’ਚ ਸੂਬੇ ਦਾ 60 ਫ਼ੀਸਦੀ ਹਿੱਸਾ ਹੈ, ਜਿਸ ਦੇ ਅਧਿਕਾਰੀ/ਮੁਲਾਜ਼ਮ ਪੰਜਾਬ ਤੋਂ ਤਨਖ਼ਾਹਾਂ ਲੈ ਕੇ ਪੰਜਾਬ ਵਿਰੁੱਧ ਹੀ ਮਨਮਾਨੇ ਫ਼ੈਸਲੇ ਲੈ ਰਹੇ ਹਨ, ਜਿਸ ਨਾਲ ਸੂਬੇ ਦੇ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਜਿੰਦ-ਜਾਨ ਹੈ ਤੇ ਸੂਬੇ ਕੋਲ ਦੂਜੇ ਰਾਜਾਂ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਮੌਕੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਗੁਰਦੀਪ ਸਿੰਘ ਰੰਧਾਵਾ, ਪਨਸਪ ਦੇ ਚੇਅਰਮੈਨ ਬਲਵੀਰ ਸਿੰਘ ਪੰਨੂ, ਜਲ ਬੋਰਡ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਤੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ ਸ਼ਾਮਲ ਸਨ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News