ਕੈਬਨਿਟ ਮੰਤਰੀ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ, ਅਨੰਦਪੁਰ ਸਾਹਿਬ ਨੂੰ ਲੈ ਕੇ ਕੀਤੀ ਇਹ ਮੰਗ
Monday, Dec 05, 2022 - 07:25 PM (IST)
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿੱਚ ਸਾਰੀਆਂ ਵੱਡੀਆਂ ਸਹੂਲਤਾਂ ਦੀ ਘਾਟ ਹੈ ਜਿਵੇਂ ਕਿ ਪੂਰੀ ਰੇਲ ਗੱਡੀ ਲਈ ਕੋਈ ਪਲੇਟਫਾਰਮ ਨਹੀਂ ਹੈ। ਪੂਰੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਇਲਾਵਾ ਪਲੇਟਫਾਰਮ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ।
ਨਵੀਂ ਦਿੱਲੀ ਤੋਂ ਊਨਾ (ਹਿਮਾਚਲ ਪ੍ਰਦੇਸ਼) ਤੱਕ ਨਵੀਂ ਸੁਪਰ ਸਪੀਡ ਰੇਲ ਗੱਡੀ ’ਵੰਦੇ ਭਾਰਤ ਐਕਸਪ੍ਰੈਸ’ ਸ਼ੁਰੂ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੁਕਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜਿੱਥੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਬਿਤਾਇਆ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਥੋੜੀ ਦੂਰੀ ’ਤੇ ਸਥਿਤ ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਮੰਦਰ ਵਿਚ ਵੀ ਬਹੁ-ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਨੰਗਲ ਡੈਮ ਇਕ ਸੈਰ-ਸਪਾਟਾ ਸਥਾਨ ਹੈ, ਇਨ੍ਹਾਂ ਅਹਿਮ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਬੈਂਸ ਨੇ ਕੇਂਦਰੀ ਰੇਲ ਮੰਤਰੀ ਨਾਲ ਨਿੱਜੀ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਉਹ ਰੇਲਵੇ ਨਾਲ ਸਬੰਧਤ ਸਾਰੇ ਅਹਿਮ ਮੁੱਦੇ ਚੁੱਕ ਸਕਣ।