ਨਿਰੰਜਨ ਸਿੰਘ ਦੇ ਅਸਤੀਫੇ ਨੇ ਅਫਸਰਾਂ ''ਤੇ ਦਬਾਅ ਦੀ ਪੋਲ ਖੋਲ੍ਹੀ : ਹਰਪਾਲ ਚੀਮਾ

10/13/2018 5:04:06 PM

ਚੰਡੀਗੜ੍ਹ (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਾਇਆ ਹੈ ਕਿ ਸੂਬੇ ਅੰਦਰ ਡਰੱਗ ਸਮੱਗਲਿੰਗ ਦੇ ਕੇਸਾਂ 'ਚ ਸੂਬਾਈ ਅਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਕਿੰਨੇ ਵੱਡੇ ਪੱਧਰ 'ਤੇ ਦਬਾਅ 'ਚ ਰੱਖਿਆ ਜਾ ਰਿਹਾ ਹੈ, ਇਸ ਦੀ ਪੋਲ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਵੱਲੋਂ ਦਿੱਤੇ ਗਏ ਅਚਨਚੇਤ ਅਸਤੀਫ਼ੇ ਨੇ ਖੋਲ੍ਹ ਕੇ ਰੱਖ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ,''ਅਸੀਂ ਸ਼ੁਰੂ ਤੋਂ ਕਹਿੰਦੇ ਆ ਰਹੇ ਹਾਂ ਕਿ ਸੂਬੇ ਅੰਦਰ ਨਸ਼ਿਆਂ ਦੇ ਦਰਿਆ ਵਹਾਉਣ ਵਾਲੇ ਵੱਡੇ ਮਗਰਮੱਛਾਂ ਨੂੰ ਜਿੰਨਾ ਬਾਦਲ ਪਰਿਵਾਰ ਖ਼ੁਦ ਬਚਾਅ ਰਿਹਾ ਹੈ, ਓਨੀ ਹੀ ਸ਼ਿੱਦਤ ਨਾਲ ਭਾਜਪਾ ਅਤੇ ਕਾਂਗਰਸ ਬਚਾਅ ਰਹੀਆਂ ਹਨ।'' ਉਨ੍ਹਾਂ ਕਿਹਾ ਕਿ ਡਰੱਗ ਸਮੱਗਲਿੰਗ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦਾ ਸਹਿਯੋਗ ਕਰ ਰਹੀ ਐਮਿਕਸ ਕਿਊਰੀ ਨੇ ਸਾਫ਼ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਮਜੀਠੀਆ ਖ਼ਿਲਾਫ਼ ਕਾਰਵਾਈ ਕਰਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਨਿਰਾਸ਼ ਹੋ ਕੇ ਈ. ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ।

ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਅਤੇ ਬਿਕਰਮ ਸਿੰਘ ਮਜੀਠੀਆ ਦੀ ਭੈਣ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਪੱਸ਼ਟ ਕਰਨ ਕਿ ਉਹ ਆਪਣੀਆਂ ਜਾਂਚ ਏਜੰਸੀਆਂ 'ਤੇ ਡਰੱਗ ਸਮੱਗਲਿੰਗ ਮਾਮਲੇ ਦੀ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣ ਲਈ ਕਿਉਂ ਇਸ ਕਦਰ ਦਬਾਅ ਪਾ ਰਹੇ ਹਨ ਕਿ ਜਾਂਚ ਅਧਿਕਾਰੀਆਂ ਨੂੰ ਅਸਤੀਫ਼ੇ ਦੇਣ ਦੀ ਨੌਬਤ ਆ ਗਈ ਹੈ।


Related News