ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਜੀ. ਐੱਸ. ਟੀ. ਨੂੰ ਲੈ ਕੇ ਅਧਿਕਾਰੀਆਂ ਨੂੰ ਨਵੇਂ ਹੁਕਮ ਜਾਰੀ

Monday, Mar 24, 2025 - 05:53 PM (IST)

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਜੀ. ਐੱਸ. ਟੀ. ਨੂੰ ਲੈ ਕੇ ਅਧਿਕਾਰੀਆਂ ਨੂੰ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐੱਸ.ਟੀ ਐਮਨੈਸਟੀ ਸਕੀਮ ਵਿਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ ਯੋਗ ਕਰਦਾਤਾਵਾਂ ਨੂੰ ਸੂਚਿਤ ਕਰਨ ਲਈ ਰਵਾਇਤੀ ਇਸ਼ਤਿਹਾਰਬਾਜ਼ੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਵਿਆਪਕ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪੰਜਾਬ ਭਵਨ ਵਿਖੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਫੀਲਡ ਸਟਾਫ਼ ਨੂੰ ਨਿੱਜੀ ਤੌਰ 'ਤੇ ਕਰਦਾਤਾਵਾਂ ਤੱਕ ਪਹੁੰਚ ਕਰਨ ਅਤੇ ਅਰਜ਼ੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਕਦਮ ਦਾ ਉਦੇਸ਼ ਕਰਦਾਤਾਵਾਂ ਨੂੰ ਜੀ.ਐੱਸ.ਟੀ ਐਮਨੈਸਟੀ ਸਕੀਮ ਦੇ ਲਾਭਾਂ ਦਾ ਲਾਭ ਉਠਾਉਣ ਦੇ ਯੋਗ ਬਣਾਉਣਾ ਅਤੇ ਮੌਜੂਦਾ ਸਮੇਂ ਵਿਚ ਬਕਾਇਆ ਪਏ ਮਾਲੀਏ ਦੀ ਰਿਕਵਰੀ ਨੂੰ ਸੌਖਾ ਬਣਾਉਣਾ ਹੈ, ਜਿਸ ਨਾਲ ਸੂਬੇ ਨੂੰ ਵਿੱਤੀ ਲਾਭ ਵੀ ਪਹੁੰਚੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ

ਸੀ.ਜੀ.ਐੱਸ.ਟੀ ਐਕਟ ਦੇ ਸੈਕਸ਼ਨ 128ਏ ਦੇ ਤਹਿਤ ਪੇਸ਼ ਕੀਤੀ ਗਈ ਜੀ.ਐੱਸ.ਟੀ ਐਮਨੈਸਟੀ ਸਕੀਮ ਦਾ ਉਦੇਸ਼ ਧਾਰਾ 73 ਦੇ ਤਹਿਤ ਬਣੇ ਕਰ 'ਤੇ ਵਿਆਜ ਅਤੇ ਜੁਰਮਾਨੇ ਨੂੰ ਮੁਆਫ ਕਰਕੇ ਕਰਦਾਤਾਵਾਂ 'ਤੇ ਕਰਪਾਲਣਾ ਦੇ ਬੋਝ ਨੂੰ ਘੱਟ ਕਰਨਾ ਹੈ। ਜੀ.ਐੱਸ.ਟੀ ਐਮਨੈਸਟੀ ਸਕੀਮ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋ 2019-20 ਤੱਕ ਦੇ ਕਰ ਬਕਾਇਆਂ ਦਾ 31 ਮਾਰਚ 2025 ਤੱਕ ਭੁਗਤਾਨ ਕਰਨ ਦੀ ਇਜਾਜ਼ਤ ਦਿੰਦੀ ਹੈ। ਇਸ ਤੋਂ ਇਲਾਵਾ ਸੰਬੰਧਿਤ ਫਾਰਮ 30 ਜੂਨ, 2025 ਤੱਕ ਜਮ੍ਹਾ ਕੀਤੇ ਜਾਣੇ ਚਾਹੀਦੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਬਿਨਾਂ ਕਿਸੇ ਛੋਟ ਦੇ ਸਥਾਪਿਤ ਮਾਲੀਆ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਕਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿੱਤ ਮੰਤਰੀ ਨੂੰ ਸਮੁੱਚੇ ਮਾਲੀਏ ਖਾਸਕਾਰ ਵੈਲਯੂ ਐਡਿਡ ਟੈਕਸ (ਵੈਟ) ਅਤੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀ.ਐੱਸ.ਟੀ.) ਵਿਚ ਹੋਏ ਵਾਧੇ ਬਾਰੇ ਜਾਣੂੰ ਕਰਵਾਇਆ ਗਿਆ। ਇਥੇ ਜ਼ਿਕਰਯੋਗ ਹੈ ਕਿ ਫਰਵਰੀ 2025 ਤੱਕ ਵੈਟ ਪ੍ਰਾਪਤੀਆਂ ਵਿਚ 5.74% ਦਾ ਵਾਧਾ ਦਰਸਾਇਆ, ਜਦੋਂ ਕਿ ਜੀ.ਐੱਸ.ਟੀ ਮਾਲੀਏ ਵਿਚ 13.39% ਦਾ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਦੀਆਂ ਡਿਵੀਜ਼ਨਾਂ ਨੇ ਜੀ.ਐੱਸ.ਟੀ ਮਾਲੀਆ ਪ੍ਰਾਪਤੀ ਵਿਚ ਔਸਤ ਤੋਂ ਉੱਪਰ ਪ੍ਰਦਰਸ਼ਨ ਕਰਦੇ ਹੋਏ ਸੂਬੇ ਦੀ ਇਸ ਸਫਲਤਾ ਵਿਚ ਮੁੱਖ ਯੋਗਦਾਨ ਪਾਉਣ ਵਾਲਿਆਂ ਵਜੋਂ ਪਛਾਣ ਬਣਾਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਬੇਹੱਦ ਸੌਖਾਲੀ ਕੀਤੀ ਗਈ ਇਹ ਪ੍ਰਕਿਰਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐੱਸਟੀ ਦੇ ਬਕਾਇਆ ਬਕਾਏ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਮੌਜੂਦਾ ਬਕਾਏ ਤੁਰੰਤ ਵਸੂਲ ਕੀਤੇ ਜਾਣ ਤਾਂ ਜੋ ਇਹ ਬੈਕਲਾਗ ਦਾ ਹਿੱਸਾ ਨਾ ਬਣਨ। ਉਨ੍ਹਾਂ ਸਖ਼ਤ ਲਾਗੂਕਰਨ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਕਰਪਾਲਣਾ ਦੇਰੀ ਨੂੰ ਰੋਕਦਿਆਂ ਸਮੇਂ ਸਿਰ ਮਾਲੀਆ ਪ੍ਰਾਪਤੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ, ਕਰ ਕਮਿਸ਼ਨਰ ਵਰੁਣ ਰੂਜ਼ਮ, ਵਧੀਕ ਕਮਿਸ਼ਨਰ, ਜਾਇੰਟ ਕਮਿਸ਼ਨਰ ਅਤੇ ਕਰ ਵਿਭਾਗ ਦੇ ਡਿਪਟੀ ਕਮਿਸ਼ਨਰਾਂ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਆਈ. ਜੀ. ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News