ਕੈਪਟਨ ਸਾਬ੍ਹ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੇ : ਹਰਪਾਲ ਚੀਮਾ
Monday, Dec 09, 2019 - 09:08 PM (IST)
 
            
            ਸੰਗਰੂਰ,(ਬੇਦੀ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੀ ਹੀ ਸਰਕਾਰ ਖਿਲਾਫ ਬੇਅਦਬੀ ਮਾਮਲੇ ਬਾਰੇ ਦਿੱਤੇ ਬਿਆਨ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਰੰਧਾਵਾ ਸੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਦਾ ਸੈਸ਼ਨ ਹੋਇਆ ਸੀ ਉਦੋਂ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਚੀਮਾ ਨੇ ਕਿਹਾ ਕਿ ਕੈਪਟਨ ਸਾਹਬ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੇ। ਇਸ ਲਈ ਰੰਧਾਵਾ ਸਮੇਤ ਹੋਰ ਵੀ ਮੰਤਰੀਆਂ ਨੂੰ ਤੁਰੰਤ ਅਸਤੀਫਾ ਦੇ ਕੇ ਕੈਪਟਨ ਦੀ ਵਜ਼ਾਰਤ ਤੋਂ ਬਾਹਰ ਨਿਕਲਣਾ ਚਾਹੀਦਾ ਹੈ।
ਜ਼ਿਕਰਯੋਗ ਬੀਤੇ ਐਤਵਾਰ ਨੂੰ ਅਲਾਇੰਸ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਪਿੰਡ ਧਾਰੋਵਾਲੀ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਸੁਖਜਿੰਦਰ ਰੰਧਾਵਾ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਯਾਦ ਕਰਾਉਂਦਿਆ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਹੁੰ ਚੁੱਕੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਬਚਾਉਣ ਦੀ ਕੋਸ਼ਿਸ਼ 'ਚ ਲੱਗੀ ਹੈ। ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਸ਼ਰਮਿੰਦਾ ਹਨ ਕਿ ਅਜੇ ਤੱਕ ਕਾਂਗਰਸ ਸਰਕਾਰ ਨੇ ਇਸ ਮਾਮਲੇ 'ਚ ਬਣਦਾ ਇਨਸਾਫ ਨਹੀਂ ਦਿਵਾਇਆ ਪਰ ਉਹ ਅਗਲੇ ਸਮੇਂ 'ਚ ਆਪਣੀ ਆਵਾਜ਼ ਬੁਲੰਦ ਕਰਨਗੇ ਫਿਰ ਚਾਹੇ ਉਨ੍ਹਾਂ ਨੂੰ ਕੁਰਸੀ ਕਿਉਂ ਨਾ ਛੱਡਣੀ ਪਏ। ਇਸ ਮੌਕੇ ਰਾਜਵੰਤ ਘੁੱਲੀ, ਨਰਿੰਦਰ ਭਰਾਜ, ਅਵਤਾਰ ਈਲਵਾਲ ਆਦਿ ਮੌਜੂਦ ਸਨ।

 
                             
                             
                             
                             
                             
                             
                             
                             
                             
                             
                             
                             
                             
                             
                             
                             
                             
                            