ਨਾਗਰਿਕਤਾ ਸੋਧ ਕਾਨੂੰਨ ਪਾਸ, ਘੱਟ-ਗਿਣਤੀ ਲੋਕਾਂ ਨੂੰ ਸਤਾਉਣ ਲੱਗਾ ਡਰ : ਚੀਮਾ

12/21/2019 3:12:58 PM

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ, ਖੁਰਾਣਾ , ਸੁਖਪਾਲ) : ਬਠਿੰਡਾ ਰੋਡ ਸਥਿਤ ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ 'ਚ ਜ਼ਿਲਾ ਪ੍ਰਧਾਨ ਜਗਦੇਵ ਸਿੰਘ ਬਾਮ, ਆਬਜ਼ਰਬਰ ਸੁਖਜਿੰਦਰ ਸਿੰਘ ਕਾਉਂਣੀ, ਯੂਥ ਜ਼ਿਲਾ ਪ੍ਰਧਾਨ ਅਰਸ਼ ਬਰਾੜ ਜੱਸੇਆਣਾ ਆਦਿ ਹਾਜ਼ਰ ਸਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ। ਆਮ ਆਦਮੀ ਪਾਰਟੀ ਦੀ ਜਨਰਲ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸੱਤਾ 'ਚੋਂ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਸੱਤਾ 'ਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੋਵਾਂ ਪਾਰਟੀਆਂ ਤੋਂ ਪੰਜਾਬ ਦੇ ਲੋਕ ਅੱਕ ਚੁੱਕੇ ਹਨ। ਲੋਕ ਹੁਣ ਆਮ ਆਦਮੀ ਪਾਰਟੀ ਵੱਲ ਤੱਕਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਕੀਤੇ ਉਹ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਸ਼ਹੀਦੀ ਜੋੜ ਮੇਲਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਫਰਮਾਨ ਅਧੀਨ ਉਹ ਮੇਲਾ ਮਾਘੀ 'ਤੇ ਸਿਆਸੀ ਕਾਨਫਰੰਸ ਨਹੀਂ ਕਰਨਗੇ। ਆਉਣ ਵਾਲੇ ਦਿਨਾਂ 'ਚ ਕੋਰ ਕਮੇਟੀ ਦੀ ਮੀਟਿੰਗ 'ਚ ਮਾਘੀ ਬਾਰੇ ਫੈਸਲਾ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ ਨੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਵੱਲ ਲੋਕਾਂ ਦਾ ਫਿਰ ਤੋਂ ਰੁਝਾਨ ਵਧਣ ਲੱਗ ਗਿਆ ਹੈ।  

Anuradha

This news is Content Editor Anuradha