''ਆਪ'' ਆਗੂ ਹਰਪਾਲ ਚੀਮਾ ਦਾ ਕੈਪਟਨ ''ਤੇ ਵਾਰ, ''ਝੂਠੇ ਨਿਕਲੇ ਸਭ ਕੌਲ-ਕਰਾਰ'' (ਵੀਡੀਓ)

10/16/2018 12:28:37 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ 'ਚ ਪਾਰਟੀ ਦੇ ਇਕ ਵਫਦ ਵਲੋਂ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਖਿਲਾਫ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਗਵਰਨਰ ਨੂੰ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਤਨਖਾਹਾਂ ਘਟਾਉਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਖਿਲਾਫ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਸਾਰੇ ਕੌਲ-ਕਰਾਰ ਝੂਠੇ ਨਿਕਲੇ ਹਨ। ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੇ ਸਵਾਲ 'ਤੇ ਹਰਪਾਲ ਚੀਮਾ ਨੇ ਬੋਲਦਿਆਂ ਕਿਹਾ ਕਿ ਜਦੋਂ ਕੈਪਟਨ ਨੇ ਵੱਡੇ-ਵੱਡੇ ਵਾਅਦੇ ਲੋਕਾਂ ਨਾਲ ਕੀਤੇ, ਉਸ ਸਮੇਂ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਖਜ਼ਾਨਾ ਖਾਲੀ ਹੈ ਅਤੇ ਹੁਣ ਤਾਂ ਕਾਂਗਰਸ ਦੀ ਸਰਕਾਰ ਬਣਿਆਂ 18 ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ ਤਾਂ ਅਜੇ ਤੱਕ ਖਜ਼ਾਨਾ ਕਿਉਂ ਨਹੀਂ ਭਰਿਆ ਗਿਆ।

ਅਧਿਆਪਕਾਂ ਬਾਰੇ ਬੋਲਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਓ. ਐੱਸ. ਡੀਜ਼ ਨੂੰ ਤਾਂ ਲੱਖਾਂ ਰੁਪਏ ਤਨਖਾਹਾਂ ਦਿੱਤੀਆਂ ਜਾ ਰਹੀਆਂ ਪਰ ਜਿਹੜੇ ਅਧਿਆਪਕ ਦੇਸ਼ ਦਾ ਭਵਿੱਖ ਬਣਾਉਣ ਵਾਲੇ ਬੱਚਿਆਂ ਨੂੰ ਪੜ੍ਹਾਉਂਦੇ ਹਨ, ਉਨ੍ਹਾਂ ਦੀਆਂ ਤਨਖਾਹਾਂ ਘਟਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੀਤੀ ਨੂੰ ਖਤਮ ਕਰਨ 'ਤੇ ਤੁੱਲੀ ਹੋਈ ਹੈ ਤਾਂ ਜੋ ਪੰਜਾਬ ਦੇ ਬੱਚੇ ਪੜ੍ਹ-ਲਿਖ ਨਾ ਜਾਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨਾਲ ਪੰਜਾਬ ਸਰਕਾਰ ਵਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਕਾਰਵਾਈ ਕਰਨ ਲਈ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ।