ਨਮੀ ਦੀ 17 ਫੀਸਦੀ ਸ਼ਰਤ ਕਿਸਾਨਾਂ ਨਾਲ ਸਰਾਸਰ ਧੱਕਾ : ਹਰਪਾਲ ਚੀਮਾ
Wednesday, Nov 07, 2018 - 09:47 AM (IST)

ਚੰਡੀਗੜ੍ਹ (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਝੋਨੇ ਦੀ ਖਰੀਦ ਲਈ ਨਮੀ ਦੀ ਸ਼ਰਤ ਨਰਮ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਮੰਡੀਆਂ 'ਚ ਰੁਲ ਰਹੇ 'ਅੰਨਦਾਤਾ' ਪ੍ਰਤੀ ਆਪਣਾ ਰਵੱਈਆ ਬਦਲਣ। 'ਆਪ' ਮੁੱਖ ਦਫਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੰਬਰ 'ਚ ਧੁੰਦ ਦੇ ਦਿਨਾਂ 'ਚ 17 ਫ਼ੀਸਦੀ ਨਮੀ ਦੀ ਸ਼ਰਤ ਕਿਸਾਨਾਂ ਨਾਲ ਸਰਾਸਰ ਧੱਕਾ ਅਤੇ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ 17 ਫ਼ੀਸਦੀ ਨਮੀ ਦੀ ਸ਼ਰਤ ਉਸ ਸਮੇਂ ਤੋਂ ਚੱਲੀ ਆ ਰਹੀ ਹੈ, ਜਦੋਂ ਝੋਨੇ ਦੀ ਲਵਾਈ ਪਹਿਲੀ ਜੂਨ ਜਾਂ ਇਸ ਤੋਂ ਵੀ ਪਹਿਲਾਂ ਸ਼ੁਰੂ ਹੋ ਜਾਂਦੀ ਸੀ ਪਰ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਹੁਣ 20 ਜੂਨ ਨੂੰ ਨਿਰਧਾਰਿਤ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਲਵਾਈ 20 ਦਿਨ ਪੱਛੜ ਕੇ ਸ਼ੁਰੂ ਕਰਨ ਦਾ ਕਾਨੂੰਨੀ ਡੰਡਾ ਸਰਕਾਰ ਨੇ ਚੁੱਕਿਆ ਹੈ ਤਾਂ ਪਿਛੇਤੀ ਬਿਜਾਈ ਕਾਰਨ ਝੋਨੇ ਦੀ ਕਟਾਈ ਮੌਕੇ ਦਰਪੇਸ਼ ਸਮੱਸਿਆਵਾਂ ਦੀ ਮਾਰ ਇਕੱਲੇ ਕਿਸਾਨ ਉੱਪਰ ਕਿਉਂ ਪਵੇ, ਜਦਕਿ ਕਿਸਾਨ ਪਹਿਲਾਂ ਹੀ ਭਾਰੀ ਕਰਜ਼ ਅਤੇ ਖੇਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਖਰੀਦ ਏਜੰਸੀਆਂ ਲਈ ਨਮੀ ਸਬੰਧੀ ਨਿਰਧਾਰਿਤ ਕੀਤੀਆਂ ਸ਼ਰਤਾਂ ਨਵੇਂ ਸਿਰਿਓਂ ਤੈਅ ਕਰ ਕੇ ਨਮੀ ਦੀ ਮਾਤਰਾ 23 ਫ਼ੀਸਦੀ ਨਿਰਧਾਰਿਤ ਕੀਤੀ ਜਾਵੇ।