15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿੱਲ’ ਐਪ : ਹਰਪਾਲ ਚੀਮਾ

09/02/2023 10:38:54 AM

ਜਲੰਧਰ (ਧਵਨ)–ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸੇਸ਼ਨ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿੱਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿਚ 105 ਤੋਂ ਵੱਧ ਥਾਵਾਂ ’ਤੇ ਚਲਾਈ ਗਈ ਮੁਹਿੰਮ ਤਹਿਤ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿਚ ਹੀ 15,435 ਵਿਅਕਤੀਆਂ ਵੱਲੋਂ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖ਼ਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖ਼ਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਪੂਰ ਹਮਾਇਤ ਮਿਲੀ ਹੈ ਅਤੇ ਵੱਡੀ ਗਿਣਤੀ ਵਿਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਡੀ. ਐੱਮਜ਼ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ, ਜਿਸ ਨਾਲ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿਚ ਹਿੱਸਾ ਪਾਉਣ ਦਾ ਸੰਦੇਸ਼ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ 'ਇਕ ਦੇਸ਼ ਇਕ ਚੋਣ' ਦੀ ਹਮਾਇਤ, ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ

ਐਪ ਨੂੰ ਦਿੱਤੀ ਭਰਪੂਰ ਹਮਾਇਤ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ’ਤੇ ਖ ਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖ਼ਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ 29 ਟੈਕਸੇਸ਼ਨ ਜ਼ਿਲੇ ਹਨ ਅਤੇ ਹਰੇਕ ਜ਼ਿਲੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ, ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤੂ/ਸੇਵਾ ਲਈ ਅਦਾ ਕੀਤੇ ਟੈਕਸ ਦੇ 5 ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ’ਤੇ ਪ੍ਰਸਾਰਿਤ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਇਲ ਐਪ ਰਾਹੀਂ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਾਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨੈੱਸ-ਟੂ-ਬਿਜ਼ਨੈੱਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ, ਜਿਸ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਫਿਰ ‘ਰੰਗਲਾ ਪੰਜਾਬ’ ਬਣਾਉਣ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਉਮੀਦ ਮੁਤਾਬਕ ਰਫ਼ਤਾਰ ਮਿਲ ਸਕੇ।

ਇਹ ਵੀ ਪੜ੍ਹੋ- ਗੜ੍ਹਸ਼ੰਕਰ ਵਿਖੇ ਨਿੱਕੀ ਜਿਹੀ ਗੱਲ ਪਿੱਛੇ ਨੂੰਹ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਸਹੁਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri