ਹਰਪਾਲ ਚੀਮਾ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਟਾਸਕ ਫੋਰਸ ਦੇ ਗਠਨ ਦਾ ਐਲਾਨ
Monday, Apr 04, 2022 - 06:00 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਯੋਜਨਾ ਤਿਆਰ ਕਰਨ ਹਿੱਤ ਇਕ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਆਮਦਨ 'ਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬ੍ਰੀਡਿੰਗ ਇੰਸਟੀਚਿਊਟ ਕੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਸ਼ਾਮਲ ਕਰਕੇ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਟਾਸਕ ਫੋਰਸ ਨੂੰ 3 ਮਹੀਨਿਆਂ 'ਚ ਗੰਨੇ ਦਾ ਝਾੜ ਵਧਾਉਣ ਸਬੰਧੀ ਯੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਕੇਂਦਰੀ ਮੰਤਰੀ ਗਡਕਰੀ ਨੇ ਪ੍ਰਵਾਨ ਕੀਤੀ ਇਹ ਮੰਗ
ਉਨ੍ਹਾਂ ਦੱਸਿਆ ਕਿ ਅਗਲੇ 2 ਸਾਲਾਂ 'ਚ ਗੰਨੇ ਦੇ ਝਾੜ ਵਿਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ, ਜਿਸ ਨਾਲ ਪ੍ਰਤੀ ਏਕੜ ਆਮਦਨ ਵਿਚ ਲੱਗਭਗ 36,000 ਰੁਪਏ ਤੱਕ ਦਾ ਵਾਧਾ ਹੋਵੇਗਾ। ਇਸ ਯੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲਬਧ ਕਰਨ ਤੋਂ ਇਲਾਵਾ ਗੰਨੇ ਦੀ ਖੇਤੀ 'ਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।
ਇਹ ਵੀ ਪੜ੍ਹੋ : ਸਬ-ਇੰਸਪੈਕਟਰ ਤੋਂ ਦੁਖੀ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ 'ਤੇ ਪੈਟਰੋਲ ਪਾ ਲਗਾਈ ਅੱਗ
ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬ੍ਰੀਡਿੰਗ ਇੰਸਟੀਚਿਊਟ, ਕੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟ੍ਰੇਨਿੰਗ ਪ੍ਰੋਗਰਾਮ ਤਿਆਰ ਕੀਤਾ ਜਾਵੇ। ਇਸ ਦੇ ਨਾਲ ਚੀਮਾ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੇ ਵੱਧ ਝਾੜ ਵਾਲੀਆਂ ਕਿਸਮਾਂ ਦੇ ਲੱਗਭਗ 30 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ ਵਜੋਂ ਦਿੱਤੇ ਜਾਣ।
ਇਹ ਵੀ ਪੜ੍ਹੋ : ਪਿਤਾ ਦੀ ਮੌਤ ਦਾ ਸਰਟੀਫਿਕੇਟ ਲੈਣ ਗਏ ਮਹਿਲਾ ਹੈਲਥ ਵਰਕਰ ਨਾਲ ਹੋਏ ਹੱਥੋਪਾਈ, ਮਾਮਲਾ ਦਰਜ
ਚੀਮਾ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜ਼ਾਰੀ ਵਿਚ ਸੁਧਾਰ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ, ਇਸ ਵਿਚ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਊਂਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬ੍ਰੀਡਿੰਗ ਇੰਸਟੀਚਿਊਟ ਕੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਿਤ ਸੰਸਥਾਵਾਂ ਦੇ ਨੁਮਾਇੰਦਿਆਂ 'ਤੇ ਅਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋਜਨਾ ਨਾਲ ਨਾ ਸਿਰਫ਼ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ 'ਚ ਸੁਧਾਰ ਹੋਵੇਗਾ, ਬਲਕਿ ਗੰਨਾ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ।