ਪੰਜਾਬ ''ਚ ਅਮਨ-ਕਾਨੂੰਨ ਦੀ ਹਾਲਤ ਸਭ ਤੋਂ ਭੈੜੀ, ਅਪਰਾਧੀਆਂ ਦੇ ਹੌਸਲੇ ਵਧੇ : ਹਰਪਾਲ ਚੀਮਾ
Saturday, Jun 08, 2019 - 01:06 PM (IST)

ਚੰਡੀਗੜ੍ਹ (ਭੁੱਲਰ) : ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੋਗਾ 'ਚ ਇਕ 2 ਸਾਲਾ ਬੱਚੀ ਨਾਲ ਇਕ ਦਰਿੰਦੇ ਅਪਰਾਧੀ ਵਲੋਂ ਕੀਤੇ ਗਏ ਜਬਰ-ਜ਼ਨਾਹ 'ਤੇ ਬੇਹੱਦ ਦੁੱਖ ਅਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕੋਸਿਆ ਹੈ। 'ਆਪ' ਹੈੱਡਕੁਆਰਟਰ ਵਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਦੇ ਮਾਫ਼ੀਆ ਅਤੇ ਜੰਗਲੀ ਰਾਜ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਬੜੇ ਉਤਸ਼ਾਹ ਅਤੇ ਉਮੀਦਾਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ਅਤੇ ਇਰਾਦਿਆਂ 'ਤੇ ਭਰੋਸਾ ਕੀਤਾ ਸੀ ਪਰ ਅਮਰਿੰਦਰ ਸਿੰਘ ਆਪਣੇ ਢਾਈ ਸਾਲਾਂ ਦੇ ਰਾਜ ਦੌਰਾਨ ਬਾਦਲਾਂ ਤੋਂ ਵੀ ਅਸਫਲ ਸਾਬਤ ਹੋਏ ਅਤੇ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਸਭ ਤੋਂ ਭੈੜੀ ਹੋ ਗਈ ਹੈ ਅਤੇ ਅਪਰਾਧੀ ਅਨਸਰ ਬੇਖ਼ੌਫ ਹੋ ਕੇ ਘਿਨਾਉਣੇ ਤੋਂ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ।
ਚੀਮਾ ਨੇ ਕਿਹਾ ਕਿ ਪਹਿਲਾਂ ਧੂਰੀ, ਫਿਰ ਜਲੰਧਰ ਅਤੇ ਹੁਣ ਮੋਗਾ 'ਚ ਮਾਸੂਮ ਬੱਚੀਆਂ ਜਬਰ-ਜ਼ਨਾਹ ਦਾ ਸ਼ਿਕਾਰ ਹੋਈਆਂ ਹਨ, ਫ਼ਰੀਦਕੋਟ 'ਚ ਸਿਆਸੀ ਪੁਸ਼ਤਪਨਾਹੀ ਹੇਠ ਇਕ ਨੌਜਵਾਨ ਨੂੰ ਪੁਲਸ ਹਿਰਾਸਤ 'ਚ ਮਾਰ ਕੇ ਨਹਿਰ 'ਚ ਸੁੱਟ ਦਿੱਤਾ ਜਾਂਦਾ ਹੈ, ਫਿਰ ਸਬੰਧਿਤ ਪੁਲਸ ਇੰਸਪੈਕਟਰ ਭੇਤਭਰੀ ਹਾਲਤ 'ਚ ਆਤਮ ਹੱਤਿਆ ਕਰ ਲੈਂਦਾ ਹੈ। ਇਨਸਾਫ਼ ਦੀ ਮੰਗ 'ਚ ਧੂਰੀ ਅਤੇ ਫ਼ਰੀਦਕੋਟ 'ਚ ਲਗਾਤਾਰ ਧਰਨੇ ਲੱਗ ਰਹੇ ਹਨ ਪਰ ਸਰਕਾਰ ਸੁੱਤੀ ਪਈ ਹੈ। ਪੰਜਾਬ ਦੀ ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਹੈ? ਚੀਮਾ ਨੇ ਕਿਹਾ ਕਿ ਬਿਹਤਰ ਹੁੰਦਾ ਮੁੱਖ ਮੰਤਰੀ ਖ਼ੁਦ ਹੀ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਆਪਣੇ ਕਿਸੇ ਜ਼ਿੰਮੇਵਾਰ ਮੰਤਰੀ ਨੂੰ ਸੌਂਪ ਦਿੰਦੇ, ਕਿਉਂਕਿ ਮੁੱਖ ਮੰਤਰੀ ਕੋਲ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦਾ ਸਮਾਂ ਹੀ ਨਹੀਂ ਹੈ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਿਨਾਂ ਦੇਰੀ ਗ੍ਰਹਿ ਮੰਤਰੀ ਵਜੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਕਾਨੂੰਨ ਵਿਵਸਥਾ ਦੇ ਲਿਹਾਜ ਨਾਲ ਪੰਜਾਬ ਪੂਰੀ ਤਰ੍ਹਾਂ ਜੰਗਲ ਰਾਜ 'ਚ ਤਬਦੀਲ ਹੁੰਦਾ ਜਾ ਰਿਹਾ ਹੈ।